ਕੈਪਟਨ ਨੇ ਸੀਤਾਰਮਨ ਕੋਲ ਚੁੱਕਿਆ 31,000 ਕਰੋੜ ਦਾ ਮਾਮਲਾ

Saturday, Jun 29, 2019 - 12:56 PM (IST)

ਕੈਪਟਨ ਨੇ ਸੀਤਾਰਮਨ ਕੋਲ ਚੁੱਕਿਆ 31,000 ਕਰੋੜ ਦਾ ਮਾਮਲਾ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31,000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਬੀਤੇ ਦਿਨ ਕੇਂਦਰੀ ਖੁਰਾਕ ਮੰਤਰੀ ਰਾਮਵਿਲਾਸ ਪਾਸਵਾਨ ਨੂੰ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਕੀਤੀ ਗਈ ਸੀ, ਜਿਸ ਨੂੰ ਪਾਸਵਾਨ ਵਲੋਂ ਪ੍ਰਵਾਨ ਕਰ ਲੈਣ ਤੋਂ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਇਸ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਬਾਅਦ ਦੁਪਹਿਰ ਇੱਥੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਮੀਟਿੰਗ ਬਜਟ ਇਜਲਾਸ ਤੋਂ ਬਾਅਦ ਰੱਖੀ ਜਾ ਸਕਦੀ ਹੈ ਕਿਉਂਕਿ ਕੇਂਦਰ ਵੀ ਇਸ ਮਸਲੇ ਦਾ ਹਮੇਸ਼ਾ ਲਈ ਨਿਪਟਾਰਾ ਕਰਨਾ ਚਾਹੁੰਦਾ ਹੈ।

ਮੁੱਖ ਮੰਤਰੀ ਨੇ ਸੀਤਾਰਮਨ ਨੂੰ ਦੱਸਿਆ ਕਿ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਮੰਤਰੀ ਰਾਮਵਿਲਾਸ ਪਾਸਵਾਨ ਨੇ ਵੀ ਇਸ ਮਸਲੇ 'ਤੇ ਸਾਂਝੀ ਮੀਟਿੰਗ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਨੇ ਇਸ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਪੰਜਾਬ ਲਈ ਇਕ ਹੋਰ 'ਏਮਜ਼' ਐਲਾਨਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੀਆਂ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ 'ਏਮਜ਼' ਦੀ ਦੂਜੀ ਸੰਸਥਾ ਲੁਧਿਆਣਾ ਜਾਂ ਜਲੰਧਰ ਵਿਖੇ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਤਾਰਮਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧ ਵਿਚ ਇਕ ਰਸਮੀ ਤਜਵੀਜ਼ ਸੌਂਪਣ ਲਈ ਆਖਦਿਆਂ ਇਸ ਉਪਰ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਦੀ ਸਹੂਲਤ ਲਈ ਰਾਵੀ ਦਰਿਆ 'ਤੇ ਪੁਲ ਦੀ ਉਸਾਰੀ ਲਈ ਪਾਕਿਸਤਾਨ 'ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਸੀ, ਜਿਸ ਦਾ ਉਨ੍ਹਾਂ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ।


author

Babita

Content Editor

Related News