ਕੈਪਟਨ ਦੀ ਕੇਂਦਰ ਸਰਕਾਰ ਤੋਂ ਮੰਗ, ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ ਹੋਵੇ ਸੋਧ

Sunday, Jun 30, 2019 - 11:23 AM (IST)

ਕੈਪਟਨ ਦੀ ਕੇਂਦਰ ਸਰਕਾਰ ਤੋਂ ਮੰਗ, ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ ਹੋਵੇ ਸੋਧ

ਜਲੰਧਰ (ਧਵਨ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਪਿੰਡਾਂ 'ਚ ਰਹਿਣ ਵਾਲੇ ਗਰੀਬ ਲੋਕਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਸੋਧ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਬਾਰੇ ਜੋ ਸ਼ਰਤਾਂ ਬਣਾਈਆਂ ਗਈਆਂ ਹਨ, ਉਹ ਢੁੱਕਵੀਆਂ ਨਹੀਂ ਹਨ। ਕੈਪਟਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ ਨਾਲ ਪੰਜਾਬ ਦੇ ਦਿਹਾਤੀ ਖੇਤਰਾਂ 'ਚ ਰਹਿਣ ਵਾਲੇ ਗਰੀਬ ਲੋਕਾਂ ਨੂੰ ਲਾਭ ਨਹੀਂ ਮਿਲ ਸਕੇਗਾ। ਪ੍ਰਸਤਾਵਿਤ ਪਰਿਭਾਸ਼ਾ 'ਚ ਪੰਜਾਬ ਲਈ ਬਦਲਾਅ ਕੀਤਾ ਜਾਣਾ ਚਾਹੀਦਾ ਹੈ ਅਤੇ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ 'ਚ ਰਹਿਣ ਵਾਲੇ ਹਰ ਗਰੀਬ ਪਰਿਵਾਰ ਨੂੰ ਇਕ ਪੱਕਾ ਘਰ ਮਿਲਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ 'ਚ ਵਾਂਝੇ ਗਰੀਬ ਲੋਕਾਂ ਨੂੰ ਇਸ ਯੋਜਨਾ ਅਧੀਨ ਲਿਆਂਦਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦੇ ਮਕਸਦ ਨਾਲ ਕਾਂਗਰਸ ਸਰਕਾਰ ਨੇ ਬੈਕਲਾਗ ਨੂੰ ਪੂਰਾ ਕਰਨ ਲਈ 118.42 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ 634 ਕਾਲਜਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੂੰ ਉਨ੍ਹਾਂ ਨੇ ਬੀਤੇ ਦਿਨੀਂ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ 'ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਰਾਸ਼ੀ ਨੂੰ ਜਾਰੀ ਕਰ ਦਿੱਤਾ ਗਿਆ ਹੈ।


author

shivani attri

Content Editor

Related News