ਕੈਪਟਨ ਵੱਲੋਂ ਕੇਂਦਰ ਤੋਂ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚ ਸ਼ਾਮਲ ਕਰਨ ਦੀ ਮੰਗ
Sunday, Aug 25, 2019 - 11:34 AM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ. ਐਮ. ਸੀ. ਟੀ.) ਵੱਲੋਂ ਹੜ੍ਹਾਂ ਦੀ ਸਥਿਤੀ ਦਾ ਮੌਕੇ 'ਤੇ ਹੀ ਮੁੱਲਾਂਕਣ ਕਰਨ ਲਈ ਸ਼ਨਾਖਤ ਕੀਤੇ ਸੂਬਿਆਂ 'ਚ ਪੰਜਾਬ ਨੂੰ ਵੀ ਤੁਰੰਤ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਨੇ 11 ਸੂਬਿਆਂ ਦੀ ਸੂਚੀ ਤਿਆਰ ਕੀਤੀ ਹੈ, ਜਿੱਥੇ ਕੇਂਦਰੀ ਟੀਮ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਣਾ ਹੈ ਪਰ ਇਸ ਸੂਚੀ 'ਚ ਪੰਜਾਬ ਦਾ ਕਿਧਰੇ ਵੀ ਜ਼ਿਕਰ ਨਹੀਂ ਕੀਤਾ ਗਿਆ ਜਦਕਿ ਸੂਬੇ 'ਚ ਮੋਹਲੇਧਾਰ ਮੀਂਹ ਪੈਣ ਨਾਲ ਕਈ ਇਲਾਕਿਆਂ 'ਚ ਭਾਰੀ ਹੜ੍ਹ ਆਏ ਹੋਏ ਹਨ।
ਮੁੱਖ ਮੰਤਰੀ ਨੇ ਪੰਜਾਬ ਨੂੰ ਇਸ ਸੂਚੀ 'ਚ ਸ਼ਾਮਲ ਨਾ ਕਰਨ 'ਤੇ ਹੈਰਾਨੀ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਇਸ ਸੂਚੀ ਨੂੰ ਦਰੁਸਤ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਨੇ ਟਵੀਟ ਕੀਤਾ ਕਿ ਵੱਖ-ਵੱਖ ਸੂਬਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਨੁਕਸਾਨ ਦਾ ਮੁੱਲਾਂਕਣ ਕਰਨ ਲਈ ਗਠਿਤ ਕੀਤੀ ਕਮੇਟੀ ਵੱਲੋਂ ਸੂਬਿਆਂ ਦੇ ਕੀਤੇ ਜਾਣ ਵਾਲੇ ਦੌਰਿਆਂ ਦੀ ਸੂਚੀ 'ਚੋਂ ਪੰਜਾਬ ਨੂੰ ਬਾਹਰ ਰੱਖਣ 'ਤੇ ਹੈਰਾਨੀ ਹੋਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੇਂਦਰੀ ਟੀਮ ਨੂੰ ਸੂਬੇ ਦਾ ਦੌਰਾ ਕਰਨ ਲਈ ਹਦਾਇਤ ਜਾਰੀ ਕਰੋ।