ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

09/10/2019 11:41:49 AM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੁਲਤਾਨਪੁਰ ਲੋਧੀ ਚ ਕੌਮਾਂਤਰੀ ਪੱਧਰ 'ਤੇ ਕਰਵਾਉਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਪਣੀ ਸਰਕਾਰ ਦੀ ਸਮੁੱਚੀ ਕੈਬਨਿਟ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ ਸੁਲਤਾਨਪੁਰ ਲੋਧੀ ਪੁੱਜੇ। ਇਸ ਦੌਰਾਨ ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ, ਜਿਨ੍ਹਾਂ ਦਾ ਸਨਮਾਨ ਸਿਰੋਪਾਓ ਦੇ ਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਸਰਵਨ ਸਿੰਘ ਕੁਲਾਰ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਬੇਰ ਸਾਹਿਬ ਸਤਨਾਮ ਸਿੰਘ ਰਿਆੜ ਨੇ ਕੀਤਾ।  

ਅੱਜ ਸਵੇਰ ਤੋਂ ਹੀ ਕੈਪਟਨ ਦੀ ਆਮਦ ਨੂੰ ਲੈ ਕੇ ਵੱਡੀ ਗਿਣਤੀ 'ਚ ਪੁਲਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਸਮੇਤ ਕਰਮਚਾਰੀਆਂ ਗੁਰਦੁਆਰਾ ਬੇਰ ਸਾਹਿਬ ਡੇਰੇ ਲਗਾਏ ਹੋਏ ਹਨ। ਇਸ ਉਪਰੰਤ ਪੰਜਾਬ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਮਾਰਕੀਟ ਕਮੇਟੀ ਦਫਤਰ ਸੁਲਤਾਨਪੁਰ ਲੋਧੀ ਵਿਖੇ ਆਰੰਭ ਹੋ ਰਹੀ ਹੈ। ਪੰਜਾਬ ਦੇ ਇਤਿਹਾਸ 'ਚ ਸ਼ਾਇਦ ਇਹ ਪਹਿਲੀ ਵਾਰ ਹੋਏਗਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ 'ਚ ਹੋਣ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਕੈਬਨਿਟ ਦੀ ਮੀਟਿੰਗ ਚ ਸ਼੍ਰੀ ਗੁਰੂ ਨਾਨਕ ਦੇਵ ਦਾ 550ਵਾਂ ਗੁਰਪੁਰਬ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ 12 ਨਵੰਬਰ ਦੇ ਮੁੱਖ ਸਮਾਗਮ ਸੰਬੰਧੀ ਵੀ ਅਹਿਮ ਐਲਾਨ ਹੋ ਸਕਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸ਼ਤਾਬਦੀ  ਸਮਾਗਮ ਨੂੰ ਲੈ ਕੇ ਪਏ ਰੇੜਕੇ ਕਾਰਨ ਹੁਣ ਤੱਕ ਕੈਪਟਨ ਸਰਕਾਰ ਵੱਲੋਂ ਵੱਖਰੇ ਤੌਰ 'ਤੇ ਸਮਾਗਮ ਗੁਰਦੁਆਰਾ ਬੇਰ ਸਾਹਿਬ ਦੇ ਸਾਹਮਣੇ ਪਵਿੱਤਰ ਵੇਈਂ ਦੇ ਪਾਰ ਕਰਵਾਉਣ ਲਈ ਤਿਆਰੀ ਕੱਸ ਰਹੀ ਹੈ ਜਦਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਗੁਰਦੁਆਰਾ ਹੱਟ ਸਾਹਿਬ ਵਿਚਕਾਰ ਪੈਦੇ ਗੁਰੂ ਨਾਨਕ ਸਟੇਡੀਅਮ ਵਿਖੇ 1 ਨਵੰਬਰ ਤੋਂ 13 ਨਵੰਬਰ ਤੱਕ ਦੇ ਕੌਮਾਂਤਰੀ ਪੱਧਰ ਦੇ ਸਮਾਗਮ ਕਰਵਾਉਣ ਲਈ ਤਿਆਰੀਆਂ ਕੱਸ ਰਿਹਾ ਹੈ, ਜਿਸ ਕਾਰਨ ਇਸ ਮੀਟਿੰਗ ਦੀ ਅਹਿਮੀਅਤ ਹੋਰ ਵੀ ਵੱਧ ਗਈ ਹੈ।

shivani attri

This news is Content Editor shivani attri