ਸ਼ਿਅਦ-ਭਾਜਪਾ ਡਰ ਦੀ ਭਾਵਨਾ ਪੈਦਾ ਨਾ ਕਰੇ : ਅਮਰਿੰਦਰ

10/19/2019 5:00:47 PM

ਜਲੰਧਰ (ਧਵਨ) : ਅਕਾਲੀਆਂ ਅਤੇ ਭਾਜਪਾ ਵਲੋਂ ਅੱਤਵਾਦ ਦੇ ਮੁੱਦੇ ਨੂੰ ਲੈ ਕੇ ਜਨਤਾ 'ਚ ਪੈਦਾ ਕੀਤੀ ਜਾ ਰਹੀ ਡਰ ਦੀ ਭਾਵਨਾ ਨੂੰ ਪੂਰੀ ਤਰ੍ਹਾਂ ਖਾਰਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸਿਰਫ ਰਾਜਨੀਤਕ ਡਰਾਮੇਬਾਜ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ 'ਚ ਅੱਤਵਾਦ ਦੇ ਉਭਰਨ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਤੋਂ 2 ਦਿਨ ਪਹਿਲਾਂ ਅਕਾਲੀ ਦਲ ਤੇ ਭਾਜਪਾ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਉਹ ਜ਼ਮੀਨੀ ਅਸਲੀਅਤ ਤੋਂ ਕੱਟ ਚੁੱਕੇ ਹਨ। ਇਸ ਲਈ ਹੁਣ ਉਹ ਅੱਤਵਾਦ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਫਗਵਾੜਾ ਵਿਧਾਨ ਸਭਾ ਸੀਟ 'ਤੇ ਕਾਂਗਰਸ ਉਮੀਦਵਾਰ ਬਲਵਿੰਦਰ ਸਿੰਘ ਧਾਰੀਵਾਲ ਦੇ ਸਮਰਥਨ 'ਚ ਰੋਡ ਸ਼ੋਅ ਕਰਨ ਤੋਂ ਬਾਅਦ ਉਕਤ ਗੱਲਾਂ ਕਹੀਆਂ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਵਲੋਂ ਅੱਤਵਾਦ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਹਰ ਰਾਜ 'ਚ ਅੱਤਵਾਦੀ ਸੰਗਠਨਾਂ ਅਤੇ ਮਾਫੀਆ ਸੰਗਠਨਾਂ 'ਤੇ ਨਕੇਲ ਕੱਸੀ ਹੈ ਅਤੇ ਕਿਸੇ ਨੂੰ ਵੀ ਸੂਬੇ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸਿੱਖ ਕੈਦੀਆਂ ਦੀ ਰਿਹਾਈ ਲਈ ਹੋਵੇ ਬਹਿਸ
ਮੁੱਖ ਮੰਤਰੀ ਨੇ ਕਿਹਾ ਕਿ ਜੇਲ 'ਚ ਸਿੱਖ ਕੈਦੀਆਂ ਅਤੇ ਪੰਜਾਬ ਪੁਲਸ ਜਵਾਨਾਂ ਦੀ ਰਿਹਾਈ ਨੂੰ ਲੈ ਕੇ ਹੁਣ ਬਹਿਸ ਹੋਣੀ ਚਾਹੀਦੀ ਹੈ। ਭਾਰਤ ਸਰਕਾਰ ਨੇ 25 ਸਾਲ ਅਤੇ ਉਸ ਤੋਂ ਜ਼ਿਆਦਾ ਦੀ ਸਜ਼ਾ ਕਟ ਚੁੱਕੇ 80 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ। ਮੁੱਖ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਆਪਣੇ ਗਲਤ ਕੰਮਾਂ ਦਾ ਜਵਾਬ ਦੇਣਾ ਪਵੇਗਾ ਅਤੇ ਜੇਕਰ ਉਨ੍ਹਾਂ ਨੇ ਕਾਨੂੰਨ ਨੂੰ ਤੋੜਿਆ ਹੈ ਤਾਂ ਉਸ ਲਈ ਉਨ੍ਹਾਂ ਨੂੰ ਜਵਾਬਦੇਹ ਹੋਣਾ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵੈਸ਼ਵਿਕ ਵਿੱਤੀ ਸੰਕਟ ਦਾ ਪੰਜਾਬ 'ਤੇ ਕੋਈ ਅਸਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਕਾਂਗਰਸ ਸਰਕਾਰ 'ਤੇ ਭਰੋਸਾ ਪੈਦਾ ਹੋਇਆ ਹੈ ਅਤੇ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਪੰਜਾਬ 'ਚ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 150 ਚੋਣ ਵਾਅਦਿਆਂ 'ਚੋਂ 125 ਨੂੰ ਪੂਰਾ ਕਰ ਦਿੱਤਾ ਹੈ।

ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਵੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਥਾਰਟੀ ਨੂੰ ਘੱਟ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਦੇ ਸਾਹਮਣੇ ਹਰ ਸਿੱਖ ਨੇ ਆਪਣਾ ਸੀਸ ਝੁਕਾਉਣਾ ਹੁੰਦਾ ਹੈ। ਟਰਾਂਸਪੋਰਟ ਮਾਫੀਆ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ, ਇਸ ਲਈ ਸਰਕਾਰ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ। ਮੁੱਖ ਮੰਤਰੀ ਨਾਲ ਪੰਜਾਬ ਮਾਮਲਿਆਂ ਦੀ ਮੁਖੀ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਹੋਰ ਵੀ ਮੌਜੂਦ ਸਨ।


Anuradha

Content Editor

Related News