ਕੇਂਦਰ ਵਲੋਂ ਕਣਕ ਦੇ ਸਮਰਥਨ ਮੁੱਲ ''ਚ 85 ਰੁਪਏ ਦਾ ਵਾਧਾ ਨਾਕਾਫ਼ੀ : ਕੈਪਟਨ
Wednesday, Oct 23, 2019 - 08:11 PM (IST)

ਚੰਡੀਗੜ੍ਹ,(ਅਸ਼ਵਨੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤੇ 85 ਰੁਪਏ ਪ੍ਰਤੀ ਕੁਇੰਟਲ ਦੇ ਨਿਗੂਣੇ ਵਾਧੇ ਨੂੰ ਨਾ-ਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ 'ਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਖਾਨਾਪੂਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਣਾ ਤਾਂ ਇਕ ਪਾਸੇ ਰਿਹਾ, ਇਸ ਨਾਲ ਸੰਕਟ 'ਚ ਡੁੱਬੀ ਕਿਸਾਨੀ ਨੂੰ ਅੰਤਰਿਮ ਰਾਹਤ ਮਿਲਣ ਦੀ ਵੀ ਕੋਈ ਉਮੀਦ ਨਜ਼ਰ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਇਥੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦਾ ਭਲਾ ਕਰਨ 'ਚ ਬਿਲਕੁਲ ਸੰਜੀਦਾ ਨਹੀਂ ਜਦਕਿ ਮੁਲਕ ਭਰ ਦੇ ਕਿਸਾਨ ਬਹੁਤ ਮਾੜੀ ਸਥਿਤੀ 'ਚੋਂ ਗੁਜ਼ਰ ਰਹੇ ਹਨ ਅਤੇ ਇਥੋਂ ਤੱਕ ਕਿ ਕਈ ਕਿਸਾਨਾਂ ਨੇ ਖੁਦਕੁਸ਼ੀ ਦਾ ਰਾਹ ਵੀ ਅਪਣਾ ਲਿਆ ਹੈ।