ਅਕਾਲੀ ਦਲ NRC ਤੇ CAA ਬਾਰੇ ਭਾਜਪਾ ਨਾਲ ਆਪਣੇ ਸਬੰਧ ਸਪੱਸ਼ਟ ਕਰੇ : ਕੈਪਟਨ

12/26/2019 7:07:28 PM

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਨ. ਆਰ. ਸੀ. ਅਤੇ ਸੀ. ਏ. ਏ. ਦੇ ਮੁੱਦਿਆਂ ਬਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪਣਾਏ ਗਏ ਦੋਹਰੇ ਮਾਪਦੰਡਾਂ ਨੂੰ ਦੇਖਦੇ ਹੋਏ ਪਾਰਟੀ ਤੋਂ ਪੁੱਛਿਆ ਹੈ ਕਿ ਉਹ ਕੇਂਦਰ 'ਚ ਆਪਣੀ ਭਾਈਵਾਲ ਪਾਰਟੀ ਭਾਜਪਾ ਨੂੰ ਸਮਰਥਨ ਦੇਣ ਦੇ ਮੁੱਦੇ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰੇ। ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮੈਂਟ 'ਚ ਨਾਗਰਿਕਤਾ ਸੋਧ ਕਾਨੂੰਨ ਦਾ ਸਮਰਥਨ ਕੀਤਾ ਸੀ ਪਰ ਬਾਅਦ 'ਚ ਉਹ ਲਗਾਤਾਰ ਇਸ ਕਾਨੂੰਨ ਅਤੇ ਸ਼ਹਿਰੀਆਂ ਬਾਰੇ ਕੌਮੀ ਰਜਿਸਟਰ (ਐੱਨ. ਆਰ. ਸੀ.) ਸਬੰਧੀ ਆਪਾ ਵਿਰੋਧੀ ਬਿਆਨਬਾਜ਼ੀ ਕਰ ਰਿਹਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸੰਵੇਦਨਸ਼ੀਲ ਮੁੱਦਿਆਂ 'ਤੇ ਅਕਾਲੀਆਂ ਵਿਰੁੱਧ ਜਨਤਾ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਾਇਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੱਲੋਂ ਸੀ. ਏ. ਏ. 'ਚ ਮੁਸਲਿਮ ਫਿਰਕੇ ਨੂੰ ਸ਼ਾਮਲ ਕੀਤੇ ਜਾਣ ਬਾਰੇ ਬਿਆਨ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਪੱਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਇਨ੍ਹਾਂ ਮੁੱਦਿਆਂ ਬਾਰੇ ਦੋਹਰੀ ਖੇਡ ਖੇਡ ਰਿਹਾ ਹੈ। ਇਹ ਸਪੱਸ਼ਟ ਹੈ ਕਿ ਅਕਾਲੀ ਆਗੂ ਆਪਣੇ ਪੁਰਾਣੇ ਸਟੈਂਡ ਤੋਂ ਪਿੱਛੇ ਹਟ ਗਏ ਹਨ ਕਿਉਂਕਿ ਸੀ. ਏ. ਏ. ਅਤੇ ਐੱਨ. ਆਰ. ਸੀ. ਦੇ ਮੁੱਦਿਆਂ ਬਾਰੇ ਹੋ ਰਹੇ ਰੋਸ ਮੁਜ਼ਾਹਰਿਆਂ ਦਾ ਅਸਰ ਉਨ੍ਹਾਂ 'ਤੇ ਵੀ ਪਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸਬੰਧਾਂ ਬਾਰੇ ਅਕਾਲੀਆਂ ਨੇ ਪਹਿਲੀ ਵਾਰ ਦੋਹਰੇ ਗਜ਼ਾਂ ਦਾ ਮੁਜ਼ਾਹਰਾ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਵੀ ਅਕਾਲੀ ਅਜਿਹਾ ਕਰਦੇ ਆ ਰਹੇ ਹਨ। ਉਨ੍ਹਾਂ ਨੇ ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ 'ਚ ਓਮ ਪ੍ਰਕਾਸ਼ ਚੌਟਾਲਾ ਦੇ ਰਾਸ਼ਟਰੀ ਲੋਕ ਦਲ ਨੂੰ ਸਮਰਥਨ ਦੇਣ ਅਤੇ ਬਾਅਦ 'ਚ ਲਗਾਤਾਰ ਕੌਮੀ ਜਮਹੂਰੀ ਗਠਜੋੜ (ਐੱਨ. ਡੀ. ਏ.) ਵਿਚ ਬਣੇ ਰਹਿਣ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਸ ਨਾਲ ਵੀ ਅਕਾਲੀ ਲੀਡਰਸ਼ਿਪ ਬੇਨਕਾਬ ਹੋ ਗਈ ਹੈ। 

ਸ਼੍ਰੋਮਣੀ ਅਕਾਲੀ ਦਲ ਇਕ ਪਾਸੇ ਤਾਂ ਹਰਿਆਣਾ 'ਚ ਰਾਸ਼ਟਰੀ ਲੋਕ ਦਲ ਨਾਲ ਸਾਂਝ ਪਾ ਕੇ ਚੱਲ ਰਿਹਾ ਹੈ ਪਰ ਦੂਜੇ ਪਾਸੇ ਉਹ ਪੰਜਾਬ 'ਚ ਭਾਜਪਾ ਨਾਲ ਚੱਲ ਰਿਹਾ ਹੈ। ਰਾਜ ਵਿਚ ਕੁਝ ਵਿਧਾਨ ਸਭਾ ਸੀਟਾਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿਚ ਦੋਵਾਂ ਪਾਰਟੀਆਂ ਨੇ ਇਕੱਠਿਆਂ ਹੋ ਕੇ ਚੋਣਾਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਨੂੰ ਐੱਨ. ਡੀ. ਏ. ਦੇ ਮਾਮਲੇ ਵਿਚ ਆਪਣਾ ਸਟੈਂਡ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਲੋਕ ਜਾਣਨਾ ਚਾਹੁੰਦੇ ਹਨ ਕਿ ਕੀ ਅਕਾਲੀ ਹੁਣ ਵੀ ਧਾਰਮਿਕ ਕੱਟੜਵਾਦੀ ਤੇ ਵੰਡਵਾਦੀ ਸਿਆਸਤ ਕਰਨ ਵਾਲੀ ਪਾਰਟੀ ਭਾਜਪਾ ਨਾਲ ਅਹਿਮ ਅਤੇ ਸੰਵੇਦਨਸ਼ੀਲ ਮੁੱਦਿਆਂ ਬਾਰੇ ਨਾਲ ਚੱਲ ਰਹੇ ਹਨ। ਇਹ ਮੁੱਦੇ ਇਸ ਲਈ ਅਹਿਮ ਹਨ ਕਿਉਂਕਿ ਇਨ੍ਹਾਂ ਦਾ ਅਸਰ ਸੰਵਿਧਾਨਕ ਸਿਧਾਂਤਾਂ ਅਤੇ ਕਦਰਾਂ-ਕੀਮਤਾਂ 'ਤੇ ਪੈਂਦਾ ਹੈ। ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਮਿਆਰਾਂ ਦੇ ਪ੍ਰਭਾਵ 'ਚ ਆਉਣ ਵਾਲੇ ਨਹੀਂ ਹਨ ਅਤੇ ਨਾਲ ਹੀ ਅਕਾਲੀਆਂ ਦਾ ਆਪਾ ਵਿਰੋਧੀ ਸਟੈਂਡ ਵੀ ਜਨਤਾ ਵਿਚ ਬੇਨਕਾਬ ਹੋ ਚੁੱਕਾ ਹੈ।


shivani attri

Content Editor

Related News