ਗ਼ਦਰੀ ਬਾਬਾ ਸੋਹਣ ਸਿੰਘ ਭਕਨਾ ਦਾ ਬੁੱਤ ਲਾਏਗੀ ਪੰਜਾਬ ਸਰਕਾਰ : ਕੈਪਟਨ

01/05/2020 10:49:33 AM

ਚੰਡੀਗੜ੍ਹ (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਹਾੜੇ ਮੌਕੇ ਇਸ ਮਹਾਨ ਆਜ਼ਾਦੀ ਘੁਲਾਟੀਏ ਦਾ ਬੁੱਤ ਸਥਾਪਤ ਕਰੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਹਾਨ ਇਨਕਲਾਬੀ ਬਾਬਾ ਸੋਹਣ ਸਿੰਘ ਭਕਨਾ ਦੀ ਯਾਦ ’ਚ ਬੁੱਤ ਸਥਾਪਤ ਕਰਨ ਲਈ ਰੂਪ-ਰੇਖਾ ਤਿਆਰ ਕਰਨ। ਦੱਸ ਦੇਈਏ ਕਿ ਬਾਬਾ ਭਕਨਾ ਨੇ ਬਰਤਾਨਵੀ ਸ਼ਾਸਨ ਦੇ ਜ਼ੁਲਮਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਣ ਲਈ ਗ਼ਦਰ ਪਾਰਟੀ ਦੀ ਸਥਾਪਨਾ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕ ਅੱਜ ਬਾਬਾ ਭਕਨਾ ਸਣੇ ਅਨੇਕਾਂ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਕ੍ਰਾਂਤੀਕਾਰੀਆਂ ਜਿਵੇਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਅਤੇ ਮਦਨ ਲਾਲ ਢੀਂਗਰਾ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦ ਹਵਾ ’ਚ ਸਾਹ ਲੈ ਰਹੇ ਹਨ। ਕੈ. ਅਮਰਿੰਦਰ ਸਿੰਘ ਨੇ ਇਨ੍ਹਾਂ ਕੌਮੀ ਨਾਇਕਾਂ ਨੂੰ ਮੂਰਤੀ ਦੇ ਮਾਧਿਅਮ ਰਾਹੀਂ ਰੂਪਮਾਨ ਕਰਕੇ ਅਮਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਨੌਜਵਾਨ ਪੀੜ੍ਹੀ ਇਨ੍ਹਾਂ ਮਹਾਨ ਕ੍ਰਾਂਤੀਕਾਰਾਂ ਦੇ ਜੀਵਨ ਤੋਂ ਸੇਧ ਲੈ ਸਕੇ ਅਤੇ ਕੌਮ ਲਈ ਕੁਰਬਾਨ ਹੋਣ ਵਾਲੇ ਇਨ੍ਹਾਂ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਆਂ ਵਾਂਗ ਹਿੰਮਤ ਤੇ ਨਿਡਰਤਾ ਦੀ ਭਾਵਨਾ ’ਚ ਰੰਗੇ ਜਾ ਸਕਣ।


rajwinder kaur

Content Editor

Related News