ਵਿੱਤ ਵਿਭਾਗ ਵਲੋਂ ਵੱਖ-ਵੱਖ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

02/20/2020 1:27:01 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।

ਇਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਟਿਊਬਵੈੱਲਾਂ 'ਤੇ ਦਿੱਤੀ ਜਾਂਦੀ ਸਬਸਿਡੀ ਬਦਲੇ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 135 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਬੀਮਾ ਕੰਪਨੀ ਨੂੰ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ 45.89 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਸੂਬੇ ਦੀ ਲਗਭਗ 75 ਫੀਸਦੀ ਆਬਾਦੀ ਦੇ ਬਰਾਬਰ ਹੈ। ਇਸ ਸਕੀਮ ਹੇਠ ਪ੍ਰਤੀ ਪਰਿਵਾਰ 5 ਲੱਖ ਰੁਪਏ ਸਾਲਾਨਾ ਨਕਦ ਰਹਿਤ ਬੀਮੇ ਦਾ ਉਪਬੰਧ ਹੈ ਅਤੇ ਹੁਣ ਤੱਕ ਸਕੀਮ ਅਧੀਨ 181.55 ਕਰੋੜ ਰੁਪਏ ਦੀ ਲਾਗਤ ਨਾਲ 1.57 ਲੱਖ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 27 ਕਰੋੜ ਰੁਪਏ ਅਤੇ ਸੂਬੇ 'ਚ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਕਿ ਲੋਕਾਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

Anuradha

This news is Content Editor Anuradha