ਸਿਆਸੀ ਸਬੰਧਾਂ ਦੀ ਹੋਵੇ ਡੂੰਘਾਈ ਨਾਲ ਜਾਂਚ : ਮਜੀਠੀਆ

02/21/2020 2:04:31 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿਚ ਦਿੱਤੇ ਇਸ ਬਿਆਨ ਦਾ ਸਵਾਗਤ ਕੀਤਾ ਹੈ ਕਿ ਉਹ ਕ੍ਰਿਸ਼ਚੀਅਨ ਦਲਿਤ ਫਰੰਟ ਦੇ ਆਗੂ ਅਤੇ ਕਾਂਗਰਸੀ ਲੀਡਰ ਅਨਵਰ ਮਸੀਹ ਦੇ ਸਿਆਸੀ ਸਬੰਧਾਂ ਦੀ ਜਾਂਚ ਕਰਵਾਉਣਗੇ। ਪਾਰਟੀ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅੰਮ੍ਰਿਤਸਰ ਹੈਰੋਇਨ ਬਰਾਮਦਗੀ ਕੇਸ 'ਚ ਅਤੇ ਨਸ਼ਾ ਸਮੱਗਲਿੰਗ ਦੇ ਮਾਮਲਿਆਂ ਵਿਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਦੇ ਠੋਸ ਸਬੂਤਾਂ ਨੂੰ ਵੀ ਧਿਆਨ ਵਿਚ ਰੱਖਣ।

ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਨਵਰ ਮਸੀਹ ਅਤੇ ਕ੍ਰਿਸ਼ਚੀਅਨ ਫਰੰਟ ਦੀ ਕਾਂਗਰਸ ਨਾਲ ਨੇੜਤਾ, ਅਨਵਰ ਅਤੇ ਕ੍ਰਿਸ਼ਚੀਅਨ ਫਰੰਟ ਦੇ ਪ੍ਰਧਾਨ ਮੁਨੱਵਰ ਮਸੀਹ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ, 2018 ਦੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ, ਜੋ ਕਿ ਕਾਂਗਰਸ ਮੁਖੀ ਸੁਨੀਲ ਜਾਖੜ ਵੱਲੋਂ ਲੜੀ ਗਈ ਸੀ ਅਤੇ 2019 ਦੀਆਂ ਸੰਸਦੀ ਚੋਣਾਂ 'ਚ ਕਾਂਗਰਸ ਦੀ ਕੀਤੀ ਮਦਦ ਆਦਿ ਸਭ ਕੁਝ ਰਿਕਾਰਡ ਵਿਚ ਦਰਜ ਹੈ। ਉਨ੍ਹਾਂ ਕਿਹਾ ਕਿ ਇਹ ਇਕ ਤੱਥ ਹੈ ਕਿ ਮੁਨੱਵਰ ਮਸੀਹ ਇਕਲੌਤਾ ਅਜਿਹਾ ਵਿਅਕਤੀ ਹੈ, ਜਿਸ ਦੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਦੁਬਾਰਾ ਨਿਯੁਕਤੀ ਕਰ ਕੇ ਕਾਂਗਰਸ ਸਰਕਾਰ ਵਲੋਂ 3 ਸਾਲ ਲਈ ਮਿਆਦ ਵਧਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 2019 'ਚ ਮੰਤਰੀ ਸੁਖਜਿੰਦਰ ਰੰਧਾਵਾ ਸਣੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਨੱਵਰ ਅਤੇ ਅਨਵਰ ਮਸੀਹ ਦੀਆਂ ਇਸ਼ਤਿਹਾਰਾਂ ਵਿਚ ਲੱਗੀਆਂ ਫੋਟੋਆਂ ਸਾਬਿਤ ਕਰਦੀਆਂ ਹਨ ਕਿ ਉਹ ਦੋਵੇਂ ਕਾਂਗਰਸੀ ਹਨ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਕਾਂਗਰਸ ਪਾਰਟੀ ਨੇ ਇਕ ਸਮਾਜਿਕ ਸਮਾਗਮ ਦੀਆਂ ਪੁਰਾਣੀਆਂ ਤਸਵੀਰਾਂ ਵਿਖਾ ਕੇ ਅਨਵਰ ਦਾ ਨਾਂ ਅਕਾਲੀ ਦਲ ਨਾਲ ਜੋੜਨ ਦੀ ਕੋਸ਼ਿਸ਼ ਕਰਦਿਆਂ ਪੂਰੀ ਤਰ੍ਹਾਂ ਤੱਥਾਂ ਦੀ ਛਾਣਬੀਣ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਅਨਵਰ ਵਿਰੁੱਧ ਸਾਰੇ ਦੋਸ਼ ਉਸ ਸਮੇਂ ਸਾਹਮਣੇ ਆਏ ਹਨ, ਜਦੋਂ ਉਹ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਿਆ ਸੀ।

ਅੰਮ੍ਰਿਤਸਰ ਹੈਰੋਇਨ ਬਰਾਮਦਗੀ ਕੇਸ ਨਾਲ ਜੁੜੇ ਸਾਰੇ ਦੋਸ਼ੀਆਂ ਦੇ ਸਿਆਸੀ ਸਬੰਧਾਂ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਸ ਕੇਸ ਦਾ ਸਰਗਣਾ ਸਿਮਰਜੀਤ ਸਿੰਘ ਸੰਧੂ ਸਰਬਜੀਤ ਸਿੰਘ ਸੰਧੂ ਦਾ ਬੇਟਾ ਹੈ, ਜਿਸ ਨੂੰ 2006 ਵਿਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਧੀਨ ਸੇਵਾਵਾਂ ਚੋਣ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿਮਰਜੀਤ ਸੰਧੂ ਦੇ ਕਾਂਗਰਸ ਪਾਰਟੀ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਸ ਨਾਲ ਜੁੜੇ ਸਾਰੇ ਕਾਂਗਰਸੀਆਂ ਦਾ ਪਰਦਾਫਾਸ਼ ਕਰ ਕੇ ਉਨ੍ਹਾਂ ਖ਼ਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ। ਮਜੀਠੀਆ ਨੇ ਵਿਧਾਨ ਸਭਾ ਵਿਚ ਬਿਜਲੀ ਦਰਾਂ 'ਚ ਵਾਧਾ, ਬਿਜਲੀ ਘੁਟਾਲੇ, ਕਿਸਾਨ ਖੁਦਕੁਸ਼ੀਆਂ ਅਤੇ ਕਾਂਗਰਸ ਸਰਕਾਰ ਦੀਆਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿਚ ਨਾਕਾਮੀ ਵਰਗੇ ਲੋਕ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਕੀਤੀ ਗਈ ਡਰਾਮੇਬਾਜ਼ੀ ਦੀ ਸਖ਼ਤ ਨਿਖੇਧੀ ਕੀਤੀ।

ਉਨ੍ਹਾਂ ਨੇ ਵਿਧਾਨ ਸਭਾ ਵਿਚ ਨਸ਼ਾ ਸਮੱਗਲਿੰਗ ਵਰਗੇ ਸੰਵੇਦਨਸ਼ੀਲ ਮੁੱਦੇ ਉੱਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਕਾਂਗਰਸ ਨਾਲ ਵਿਖਾਈ ਦੋਸਤੀ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਪ ਵਿਧਾਇਕਾਂ ਨੇ ਅੱਜ ਕਾਂਗਰਸ ਪਾਰਟੀ ਨੂੰ ਨਿਸ਼ਾਨਾ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਸ਼ਾ ਸਮੱਗਲਰਾਂ ਦੀ ਪੁਸ਼ਤਪਨਾਹੀ ਲਈ ਜ਼ਿੰਮੇਵਾਰ ਕਾਂਗਰਸੀਆਂ ਖ਼ਿਲਾਫ ਵੀ ਕਾਰਵਾਈ ਦੀ ਮੰਗ ਨਹੀਂ ਕੀਤੀ ਕਿਉਂਕਿ ਉਹ ਕਾਂਗਰਸ ਪਾਰਟੀ ਦੀ ਬੀ ਟੀਮ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਦਾ ਲੋਕਾਂ ਅੱਗੇ ਪਰਦਾਫਾਸ਼ ਕਰਾਂਗੇ ਅਤੇ ਨਸ਼ਾ ਕਾਰੋਬਾਰ ਵਿਚ ਸ਼ਾਮਿਲ ਸਾਰੇ ਕਾਂਗਰਸੀ ਆਗੂਆਂ ਖ਼ਿਲਾਫ ਸਰਕਾਰ ਨੂੰ ਕਾਰਵਾਈ ਕਰਨ ਲਈ ਮਜਬੂਰ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਮੱਗਲਰਾਂ ਨਾਲ ਸਿਆਸੀ ਨੇਤਾਵਾਂ ਦੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕਰਦੇ ਹਾਂ।


Anuradha

Content Editor

Related News