ਮੁੱਖ ਮੰਤਰੀ ਨੇ ਕੋਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਨਾਲ ਕੀਤੀ ਉੱਚ ਪੱਧਰੀ ਮੀਟਿੰਗ
Tuesday, Mar 10, 2020 - 01:43 PM (IST)

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ, ਸਿਹਤ ਵਿਭਾਗ ਦੇ ਉੱਚ ਅਧਿਕਾਰੀ ਤੇ ਸਿਹਤ ਖੇਤਰ ਨਾਲ ਸਬੰਧਿਤ ਕਈ ਮਾਹਿਰਾਂ ਨੇ ਹਿੱਸਾ ਲਿਆ। ਮੀਟਿੰਗ 'ਚ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸੂਬੇ 'ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਭੀੜ-ਭੜੱਕੇ ਵਾਲੇ ਸਮਾਗਮਾਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ 24 ਘੰਟੇ ਲਗਾਤਾਰ ਵਾਇਰਸ ਦੀ ਸਥਿਤੀ 'ਤੇ ਨਜ਼ਰ ਰੱਖ ਕੇ ਚੱਲ ਰਹੀ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਉਨ੍ਹਾਂ ਨੂੰ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਸੂਬੇ 'ਚ ਦਾਖਲ ਹੋਣ ਵਾਲੇ ਸਾਰੇ ਮੁੱਖ ਰਸਤਿਆਂ 'ਤੇ ਨਜ਼ਰ ਰੱਖੀ ਜਾਵੇ ਅਤੇ ਹਵਾਈ ਅੱਡਿਆਂ 'ਤੇ ਬਾਹਰ ਆਉਣ ਵਾਲੇ ਯਾਤਰੀਆਂ ਦਾ ਚੈੱਕਅਪ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੋਰੋਨਾ ਵਾਇਰਸ ਗਰਮੀ ਵਧਣ ਨਾਲ ਜਲਦੀ ਹੀ ਕਾਬੂ 'ਚ ਆ ਜਾਵੇਗਾ।
ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਬਣਾਏ ਗਏ ਮੰਤਰੀਆਂ ਦੇ ਸਮੂਹ ਵਲੋਂ ਪੂਰੀ ਸਮੀਖਿਆ ਰੋਜ਼ਾਨਾ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਨੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਵਾਇਰਸ ਦੇ ਰੋਗੀਆਂ ਨੂੰ ਰੱਖਣ ਲਈ ਵੱਖਰੇ ਵਾਰਡਾਂ ਦਾ ਪ੍ਰਬੰਧ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਰੋਜ਼ਾਨਾ ਹਾਲਾਤ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਰਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।