ਕੈਪਟਨ ਦੀਆਂ ਉਮੀਦਾਂ ''ਤੇ ਫਿਰਿਆ ਪਾਣੀ, ਅਤਿ ਕਰੀਬੀ ਸਾਬਕਾ ਮੰਤਰੀਆਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
Thursday, Oct 28, 2021 - 10:15 AM (IST)
ਪਟਿਆਲਾ (ਰਾਜੇਸ਼ ਪੰਜੌਲਾ) : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਉਨ੍ਹਾਂ ਦੇ ਅਤਿ ਕਰੀਬੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀਆਂ ਨੇ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਦੇ ਅਤਿ ਕਰੀਬੀ ਅਤੇ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਖੇਡ ਮੰਤਰੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਉਹ ਕਾਂਗਰਸ ਪਾਰਟੀ ਦੇ ਨਾਲ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ 'ਚ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ
ਦਿਲਚਸਪ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਸੀ। ਉਮੀਦ ਜਤਾਈ ਜਾ ਰਹੀ ਸੀ ਕਿ ਕਈ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਰਹਿਣਗੇ ਪਰ ਜਿਸ ਸਮੇਂ ਉਹ ਪ੍ਰੈੱਸ ਕਾਨਫਰੰਸ ਕਰ ਰਹੇ ਸਨ, ਉਸੇ ਸਮੇਂ ਉਨ੍ਹਾਂ ਦੇ ਕਰੀਬੀ ਰਾਹੁਲ ਗਾਂਧੀ ਨਾਲ ਮਿਲ ਕੇ ਕਾਂਗਰਸ ਪ੍ਰਤੀ ਆਪਣੀ ਵਫ਼ਾਦਾਰੀ ਦਾ ਸਬੂਤ ਦੇ ਰਹੇ ਸਨ। ਸਾਬਕਾ ਖੇਡ ਮੰਤਰੀ ਉਹ ਆਗੂ ਹਨ, ਜਿਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਇਕ ਵਿਸ਼ੇਸ਼ ਮੀਟਿੰਗ ਬੁਲਾ ਕੇ ਕੈਪਟਨ ਦੇ ਹੱਕ ’ਚ ਸ਼ਕਤੀ ਪ੍ਰਦਰਸ਼ਨ ਕੀਤਾ ਸੀ।
ਕੈਪਟਨ ਦੇ ਨਾਲ ਹੀ ਸਾਬਕਾ ਖੇਡ ਮੰਤਰੀ ਅਤੇ ਧਰਮਸੋਤ ਨੂੰ ਵੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਕਾਰਨ ਇਹ ਕਿਆਸਰਾਈਆਂ ਚੱਲ ਰਹੀਆਂ ਸਨ ਕਿ ਦੋਵੇਂ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ’ਚ ਸ਼ਾਮਲ ਹੋਣਗੇ ਪਰ ਰਾਹੁਲ ਗਾਂਧੀ ਨਾਲ ਹੋਈ ਉਨ੍ਹਾਂ ਦੀ ਮੁਲਾਕਾਤ ਨੇ ਕੈਪਟਨ ਅਮਰਿੰਦਰ ਸਿੰਘ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ।
ਸ਼ਾਇਦ ਇਹੀ ਕਾਰਨ ਹੈ ਕਿ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਨਵੀਂ ਪਾਰਟੀ ਦਾ ਐਲਾਨ ਨਹੀਂ ਕੀਤਾ। ਦੋਵੇਂ ਸਾਬਕਾ ਮੰਤਰੀਆਂ ਦਾ ਇਸ ਮੌਕੇ ਰਾਹੁਲ ਗਾਂਧੀ ਨਾਲ ਮਿਲਣਾ ਆਪਣੇ ਆਪ ਵਿਚ ਵੱਡਾ ਸਿਆਸੀ ਸੰਕੇਤ ਹੈ। ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ। ਰਾਹੁਲ ਗਾਂਧੀ ਦੀ ਦੂਰ-ਅੰਦੇਸ਼ੀ ਸੋਚ ਨਾਲ ਪੰਜਾਬ ਵਿਚ ਫਿਰ ਤੋਂ 2022 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ