ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ''ਚ ਹੋਵੇਗੀ ਕਾਂਗਰਸ ਦੇ ਬਾਗੀਆਂ ਦੀ ਫ਼ੌਜ!
Saturday, Dec 11, 2021 - 02:42 PM (IST)
ਲੁਧਿਆਣਾ (ਹਿਤੇਸ਼) : ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਸ ਤਰ੍ਹਾਂ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕਾਂਗਰਸ ਨਾਲ ਬਗਾਵਤ ਕਰਕੇ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਹੈ, ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦੀ ਪਾਰਟੀ 'ਚ ਕਾਂਗਰਸ ਦੇ ਬਾਗੀਆਂ ਦੀ ਫ਼ੌਜ ਦੇਖਣ ਨੂੰ ਮਿਲ ਸਕਦੀ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਕੈਪਟਨ ਵੱਲੋਂ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮਾਤਾ ਨੈਣਾ ਦੇਵੀ ਦੇ ਸ਼ਰਧਾਲੂਆਂ ਲਈ ਰਾਹਤ ਭਰੀ ਖ਼ਬਰ, ਹਿਮਾਚਲ ਪ੍ਰਦੇਸ਼ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸ ਦੀ ਪੁਸ਼ਟੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਜਾਣ ਤੋਂ ਬਾਅਦ ਕੈਪਟਨ ਦੀ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਹੋਈ ਮੀਟਿੰਗ ਦੀ ਤਸਵੀਰ ਵੀ ਸਾਹਮਣੇ ਆ ਚੁੱਕੀ ਹੈ ਪਰ ਅਜੇ ਤੱਕ ਸੀਟਾਂ ਦੀ ਵੰਡ ਦੀ ਸਥਿਤੀ ਸਪੱਸ਼ਟ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਬਾਗੀਆਂ ਵੱਲੋਂ ਕੈਪਟਨ ਦੀ ਪਾਰਟੀ 'ਚ ਸ਼ਾਮਲ ਹੋਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ।
ਇਨ੍ਹਾਂ 'ਚੋਂ ਕੁੱਝ ਆਗੂ ਮੌਜੂਦਾ ਸਿਆਸੀ ਮਾਹੌਲ ਵਿਚਕਾਰ ਕਾਂਗਰਸ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਨਾ ਹੋਣ ਦੇ ਬਾਵਜੂਦ ਸਿਰਫ ਵਫ਼ਾਦਾਰੀ ਦਿਖਾਉਣ ਲਈ ਪਾਰਟੀ ਜਾਂ ਸਰਕਾਰ ਦੇ ਅਹੁਦੇ ਨੂੰ ਛੱਡ ਕੇ ਕੈਪਟਨ ਨਾਲ ਆ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਦੇ ਬਾਗੀਆਂ ਦਾ ਕੈਪਟਨ ਦੀ ਪਾਰਟੀ 'ਚ ਸ਼ਾਮਲ ਹੋਣ ਦਾ ਸਿਲਸਿਲਾ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਹੋ ਸਕਦਾ ਹੈ, ਜਿਸ ਦੇ ਲਈ ਇਕ ਹੀ ਦਿਨ 'ਚ ਸਾਰੇ ਆਗੂਆਂ ਨੂੰ ਸਾਹਮਣੇ ਲਿਆਉਣ ਦੀ ਬਜਾਏ ਰੋਜ਼ਾਨਾ ਦੇ ਹਿਸਾਬ ਨਾਲ ਇਕ ਆਗੂ ਦੇ ਸ਼ਾਮਲ ਹੋਣ ਦਾ ਖ਼ੁਲਾਸਾ ਕੀਤਾ ਜਾ ਰਿਹਾ ਹੈ।
ਇਸ ਰਣਨੀਤੀ ਤਹਿਤ ਕੈਪਟਨ ਵੱਲੋਂ ਆਪਣੇ ਹਿੱਸੇ ਦੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰਨ 'ਚ ਜਲਦਬਾਜ਼ੀ ਦਿਖਾਉਣ ਦੀ ਥਾਂ ਜ਼ਿਆਦਾ ਆਧਾਰ ਵਾਲੇ ਕਾਂਗਰਸੀ ਆਗੂਆਂ ਵੱਲੋਂ ਟਿਕਟ ਨਾ ਮਿਲਣ ਨਾਲ ਨਾਰਾਜ਼ ਹੋ ਕੇ ਪਾਲਾ ਬਦਲਣ ਦਾ ਇੰਤਜ਼ਾਰ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ