ਮੋਹਾਲੀ ਧਮਾਕੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਚਿਤਾਵਨੀ, ਸੂਬਾ ਸਰਕਾਰ ਨੂੰ ਕੀਤੀ ਅਪੀਲ

Tuesday, May 10, 2022 - 04:13 PM (IST)

ਮੋਹਾਲੀ ਧਮਾਕੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਚਿਤਾਵਨੀ, ਸੂਬਾ ਸਰਕਾਰ ਨੂੰ ਕੀਤੀ ਅਪੀਲ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਹਰਾਇਆ ਕਿ ਪੰਜਾਬ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖ਼ਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ।ਸੋਮਵਾਰ ਸ਼ਾਮ ਨੂੰ ਮੋਹਾਲੀ ਵਿੱਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਮੁੱਖ ਦਫ਼ਤਰ 'ਤੇ ਹੋਏ ਅੱਤਵਾਦੀ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਪਿਛਲੇ ਕੁੱਝ ਦਿਨਾਂ ਦੌਰਾਨ ਆਰ. ਡੀ. ਐਕਸ. ਜ਼ਬਤ ਹੋਣ, ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥ ਜ਼ਬਤ ਹੋਣ ਅਤੇ ਕੁੱਝ ਸ਼ੱਕੀਆਂ ਦੀ ਗ੍ਰਿਫ਼ਤਾਰੀ ਵਰਗੀਆਂ ਤਾਜ਼ਾ ਘਟਨਾਵਾਂ ਦੀ ਲੜੀ ਦਾ ਹੀ ਹਿੱਸਾ ਹੈ।

ਇਹ ਵੀ ਪੜ੍ਹੋ : 8 ਲੱਖ ਦਾ ਕੰਮ 12 ਲੱਖ 'ਚ ਕਿਉਂ? ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਪੁੱਛੇ ਜਾ ਸਕਦੇ ਨੇ ਸਵਾਲ

ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਆਈ. ਐੱਸ. ਆਈ. ਦੇ ਮਨਸੂਬਿਆਂ ਖ਼ਿਲਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਬਾਰੇ ਆਪਣੇ ਇਰਾਦਿਆਂ ਨੂੰ ਕਦੇ ਨਹੀਂ ਛੱਡਿਆ ਅਤੇ ਉਸ ਨੂੰ ਜੋ ਵੀ ਮੌਕਾ ਮਿਲੇਗਾ, ਉਹ ਹਮੇਸ਼ਾ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਨੇ ਆਈ. ਐੱਸ. ਆਈ. ਵੱਲੋਂ ਵਿਨਾਸ਼ਕਾਰੀ ਗਤੀਵਿਧੀਆਂ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੇ ਪ੍ਰਬੰਧਾ 'ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇੱਥੇ ਹੋਰ ਹਥਿਆਰ ਆਉਣ ਅਤੇ ਹੋਰ ਲੋਕਾਂ ਦੇ ਇਸ ਪੰਜਾਬ ਵਿਰੋਧੀ ਜਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਪਛਾਣ ਕਰਨ ਦੀ ਲੋੜ ਹੈ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੀ ਨਵੀਂ ਸਰਕਾਰ ਦੀ ‘ਅਣਤਜ਼ਰਬੇਕਾਰਤਾ’ ਖ਼ਿਲਾਫ਼ ਵੀ ਸੁਚੇਤ ਕੀਤਾ ਅਤੇ ਇਸ ਨੂੰ ਕੇਂਦਰ ਸਰਕਾਰ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਰੇਸ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਹਰ ਸੰਭਵ ਕਦਮ ਚੁੱਕਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਬਚਾਉਣ ਲਈ ਹਰ ਕਿਸੇ ਦਾ ਸਹਿਯੋਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਭਾਰੀ ਕੀਮਤ ਚੁਕਾਉਣ ਤੋਂ ਬਾਅਦ ਹੁਣ ਗੜਬੜ ਦੇ ਇੱਕ ਹੋਰ ਪੜਾਅ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਨੇ ਅਫਸੋਸ ਜ਼ਾਹਰ ਕੀਤਾ ਕਿ ਜਦੋਂ ਪਿਛਲੇ ਸਮੇਂ ਵਿੱਚ ਉਹ ਸਰਹੱਦ ਪਾਰ ਤੋਂ ਅੱਤਵਾਦੀ ਸਮੂਹਾਂ ਦੇ ਖ਼ਤਰਿਆਂ ਖ਼ਿਲਾਫ਼ ਲਗਾਤਾਰ ਚਿਤਾਵਨੀ ਦਿੰਦੇ ਰਹੇ ਸਨ ਤਾਂ ਕਾਂਗਰਸ ਪਾਰਟੀ ਦੇ ਕੁੱਝ ਆਗੂ ਇਸ ਨੂੰ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਖਾਰਜ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਕੋਈ ਵੀ ਸਾਡੇ ਵੱਲ ਬੁਰੀ ਨਜ਼ਰ ਰੱਖਣ ਦੀ ਹਿੰਮਤ ਨਾ ਕਰੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
 


author

Babita

Content Editor

Related News