ਨਾਂਦੇਡ਼ ’ਚ ਫਸੇ ਪੰਜਾਬ ਦੇ 2000 ਸ਼ਰਧਾਲੂਆਂ ਦੀ ਵਾਪਸੀ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਅਪੀਲ : ਅਮਰਿੰਦਰ

03/25/2020 11:30:01 PM

ਚੰਡੀਗਡ਼੍ਹ (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਨਾਂਦੇਡ਼ ਸਾਹਿਬ ਤੋਂ ਪੰਜਾਬ ਦੇ 2000 ਸ਼ਰਧਾਲੂਆਂ ਦੀ ਵਾਪਸੀ ਲਈ ਫੌਰੀ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੀਤੀ ਤਾਲਾਬੰਦੀ ਕਾਰਣ ਉਥੇ ਫਸੇ ਹੋਏ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ ਲਿਖੇ ਹਨ। ਬੁਲਾਰੇ ਨੇ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਜਵਾਬ ’ਚ ਭਰੋਸਾ ਦਿੱਤਾ ਹੈ ਕਿ ਉਥੇ ਫਸੇ ਸ਼ਰਧਾਲੂਆਂ ਦੀ ਮਦਦ ਲਈ ਲੋਡ਼ੀਂਦੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਮੁਤਾਬਿਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਫ਼ਤਰ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਇਸ ਸਬੰਧ ’ਚ ਬਣਦੇ ਕਦਮ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਮਹਾਰਾਸ਼ਟਰ ਦੇ ਸੈਰ ਸਪਾਟਾ, ਵਾਤਾਵਰਣ ਅਤੇ ਪ੍ਰੋਟੋਕੋਲ ਮੰਤਰੀ ਆਦਿੱਤਿਆ ਠਾਕਰੇ ਨੇ ਇਸ ਮੁੱਦੇ ’ਤੇ ਕੈ. ਅਮਰਿੰਦਰ ਸਿੰਘ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ, ‘‘ਧੰਨਵਾਦ ਸਰ, ਇਸ ਮਾਮਲੇ ਨੂੰ ਦੇਖਾਂਗੇ ਅਤੇ ਲੋਡ਼ੀਂਦੀ ਮਦਦ ਕਰਾਂਗੇ।’’ ਮੁੱਖ ਮੰਤਰੀ ਨੇ ਟਵੀਟ ਕੀਤਾ ਸੀ ਕਿ ਸ਼ਰਧਾਲੂ ਲੰਮੇ ਸਮੇਂ ਤੋਂ ਇਥੇ ਫਸੇ ਹੋਏ ਹਨ ਅਤੇ ਇਨ੍ਹਾਂ ਨੂੰ ਆਪਣੇ ਘਰਾਂ ਅਤੇ ਪਰਿਵਾਰਾਂ ਕੋਲ ਸੁਰੱਖਿਅਤ ਲਿਆਉਣਾ ਸਾਡਾ ਫਰਜ਼ ਹੈ।
ਕੇਂਦਰੀ ਗ੍ਰਹਿ ਮੰਤਰੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ ’ਚ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਇਹ ਸ਼ਰਧਾਲੂ ਮਹਾਰਾਸ਼ਟਰ ’ਚ ਨਾਂਦੇਡ਼ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਕੇਂਦਰੀ ਰੇਲਵੇ ਮੰਤਰਾਲਾ ਕੋਲ ਪਹਿਲਾਂ ਹੀ ਇਹ ਮਸਲਾ ਉਠਾ ਕੇ ਇਨ੍ਹਾਂ ਸ਼ਰਧਾਲੂਆਂ ਨੂੰ ਉਥੋਂ ਵਾਪਸ ਲਿਆਉਣ ਲਈ ਵਿਸ਼ੇਸ਼ ਰੇਲਾਂ ਚਲਾਉਣ ਦੀ ਇਜਾਜ਼ਤ ਦੇਣ ਦੀ ਮੰਗ ਕਰ ਚੁੱਕੀ ਹੈ। ਇਸੇ ਦੌਰਾਨ ਕੈ. ਅਮਰਿੰਦਰ ਨੇ ਠਾਕਰੇ ਨੂੰ ਵੀ ਅਪੀਲ ਕੀਤੀ ਕਿ ਭਾਰਤ ਸਰਕਾਰ ਵਲੋਂ ਅੰਤਿਮ ਫੈਸਲਾ ਲਏ ਜਾਣ ਤੱਕ ਸ਼ਰਧਾਲੂਆਂ ਲਈ ਲੋਡ਼ੀਂਦੇ ਬੰਦੋਬਸਤ ਕਰਨ ਵਾਸਤੇ ਨਾਂਦੇਡ਼ ਦੇ ਜ਼ਿਲਾ ਪ੍ਰ੍ਰਸ਼ਾਸਨ ਨੂੰ ਲੋਡ਼ੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

Gurdeep Singh

This news is Content Editor Gurdeep Singh