ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ, ਜਾਣੋ ਕਿਸ-ਕਿਸ ਨੂੰ ਮਿਲ ਸਕਦੀ ਹੈ ਝੰਡੀ ਵਾਲੀ ਕਾਰ

04/18/2018 7:25:24 PM

ਚੰਡੀਗੜ੍ਹ\ਨਵੀਂ ਦਿੱਲੀ : ਪਿਛਲੇ ਲੰਮੇ ਸਮੇਂ ਤੋਂ ਲਟਕੇ ਆ ਰਹੇ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਕੈਬਨਿਟ ਦੇ ਵਿਸਥਾਰ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚ ਚੁੱਕੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਵੀਰਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕੈਬਨਿਟ ਦਾ ਵਿਸਥਾਰ ਜਲਦ ਕੀਤਾ ਜਾ ਸਕਦਾ ਹੈ।
ਪੰਜਾਬ ਮੰਤਰੀ ਮੰਡਲ ਵਿਚ ਥਾਂ ਬਨਾਉਣ ਲਈ ਕੁਝ ਕਾਂਗਰਸੀ ਵਿਧਾਇਕਾਂ ਨੇ ਵੀ ਕਾਂਗਰਸ ਹਾਈਕਮਾਂਡ ਨਾਲ ਰਾਬਤਾ ਬਣਾਉਣ ਲਈ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਵਿਚ ਡੇਰੇ ਲਗਾਏ ਹੋਏ ਹਨ। ਕਾਂਗਰਸ ਹਾਈਕਮਾਂਡ ਨੇ ਵਜ਼ਾਰਤ ਵਿਚ ਵਾਧੇ ਨੂੰ ਲੈ ਕੇ 19 ਅਪ੍ਰੈਲ ਨੂੰ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਮੀਟਿੰਗ ਸੱਦੀ ਹੈ ਜਿਸ ਦੇ ਚੱਲਦੇ ਮੁੱਖ ਮੰਤਰੀ ਦਿੱਲੀ ਪਹੁੰਚ ਚੁੱਕੇ ਹਨ।
ਇਨ੍ਹਾਂ ਨੂੰ ਮਿਲ ਸਕਦੀ ਹੈ ਝੰਡੀ ਵਾਲੀ ਕਾਰ
ਮੰਤਰੀ ਮੰਡਲ ਵਿਸਥਾਰ ਵਿਚ ਸ਼ਾਮਲ ਹੋਣ ਵਾਲੇ ਨਵੇਂ ਚਿਹਰਿਆਂ ਵਿਚ ਸੁਖਜਿੰਦਰ ਰੰਧਾਵਾ, ਰਾਜ ਕੁਮਾਰ ਵੇਰਕਾ, ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਦੇ ਖਾਸਮਖਾਸ ਪਰਗਟ ਸਿੰਘ ਦਾ ਨਾਂ ਪਹਿਲੀ ਲਾਈਨ ਵਿਚ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਖੰਨਾ ਤੋਂ ਵਿਧਾਇਕ ਅਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਰਾ ਗੁਰਕੀਰਤ ਸਿੰਘ ਕੋਟਲੀ, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸੁਖਵਿੰਦਰ ਸਿੰਘ ਡੈਨੀ ਦਾ ਨਾਂ ਵੀ ਚਰਚਾ ਵਿਚ ਹੈ।
ਜਾਣਕਾਰੀ ਅਨੁਸਾਰ ਕਈ ਕਾਂਗਰਸੀ ਵਿਧਾਇਕ ਪੰਜਾਬ ਪ੍ਰਦੇਸ਼ ਕਾਂਗਰਸੀ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੂੰ ਵੀ ਮਿਲ ਚੁੱਕੇ ਹਨ ਅਤੇ ਵਜ਼ਾਰਤ ਵਿਚ ਵਾਧਾ ਕਰਨ ਵੇਲੇ ਉਨ੍ਹਾਂ ਦਾ ਧਿਆਨ ਰੱਖਣ ਅਤੇ ਕਾਂਗਰਸ ਪਾਰਟੀ ਦੇ ਹੋਰ ਅਹੁਦੇਦਾਰ ਲਾਉਣ ਲਈ ਆਪੋ-ਆਪਣਾ ਪੱਖ ਰੱਖ ਚੁੱਕੇ ਹਨ।