ਮੁੱਖ ਮੰਤਰੀ ਕੈਪਟਨ ਨੇ ਕੱਚੇ ਘਰ ''ਚ ਸੜ ਕੇ ਮਰੇ 5 ਸਾਲਾ ਬੱਚੇ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ

Thursday, Jun 18, 2020 - 08:12 PM (IST)

ਜਲੰਧਰ (ਧਵਨ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਰੜ ਦੇ ਪਿੰਡ ਤਿਓੜ 'ਚ ਇਕ ਕੱਚੇ ਘਰ 'ਚ ਲੱਗੀ ਅੱਗ ਅਤੇ ਉਸ 'ਚ 5 ਸਾਲਾ ਬੱਚੇ ਦੀ ਮੌਤ ਹੋ ਜਾਣ 'ਤੇ ਭਾਰੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਐੱਸ. ਏ. ਐੱਸ. ਨਗਰ ਦੇ ਡਿਪਟੀ ਕਮਿਸ਼ਨਰ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਹੁਣ ਗਰਮੀ ਦਾ ਮੌਸਮ ਚੱਲ ਰਿਹਾ ਹੈ ਅਤੇ ਸ਼ਾਰਟ ਸਰਕਟ ਵਰਗੇ ਕਈ ਕਾਂਡ ਹੋ ਸਕਦੇ ਹਨ, ਇਸ ਲਈ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਭਿਆਨਕ ਗਰਮੀ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਅਗਲੇ 2 ਮਹੀਨਿਆਂ ਤੱਕ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ। ਇਸ ਸਬੰਧ 'ਚ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਰੂਪ ਨਾਲ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਪਹਿਲਾਂ ਹੀ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ 8 ਘੰਟੇ ਲਗਾਤਾਰ ਬਿਜਲੀ ਸਪਲਾਈ ਦੇ ਹੁਕਮ ਵੀ ਜਾਰੀ ਕਰ ਚੁੱਕੇ ਹਨ।


shivani attri

Content Editor

Related News