ਕਾਂਗਰਸ ਲੀਡਰਸ਼ਿਪ ਦੇ ਸਟੈਂਡ ਪਿੱਛੋਂ ਕੈਪਟਨ ਨਾਲ ਵੱਡੀ ਗਿਣਤੀ ’ਚ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਕੀਤੀ ਮੁਲਾਕਾਤ

Saturday, Sep 04, 2021 - 10:21 AM (IST)

ਕਾਂਗਰਸ ਲੀਡਰਸ਼ਿਪ ਦੇ ਸਟੈਂਡ ਪਿੱਛੋਂ ਕੈਪਟਨ ਨਾਲ ਵੱਡੀ ਗਿਣਤੀ ’ਚ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਕੀਤੀ ਮੁਲਾਕਾਤ

ਜਲੰਧਰ (ਧਵਨ)- ਕਾਂਗਰਸ ਲੀਡਰਸ਼ਿਪ ਦੇ ਬਦਲਦੇ ਸਟੈਂਡ ਨੂੰ ਵੇਖਦਿਆਂ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਸਥਿਤੀ ਨੂੰ ਹੋਰ ਵੀ ਮਜ਼ਬੂਤ ਬਣਾਉਣ ’ਚ ਜੁੱਟ ਗਏ ਹਨ ਤਾਂ ਜੋ ਪਾਰਟੀ ਨੂੰ 2022 ’ਚ ਹੋਣ ਵਾਲੀਆਂ ਸੂਬਾਈ ਵਿਧਾਨ ਸਭਾ ਦੀਆਂ ਆਮ ਚੋਣਾਂ ਲਈ ਤਿਆਰ ਕੀਤਾ ਜਾ ਸਕੇ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਚ ਜਿੱਤ ਦਾ ਦਾਰੋਮਦਾਰ ਕੈਪਟਨ ਅਮਰਿੰਦਰ ਸਿੰਘ ਦੇ ਮੋਢਿਆਂ ’ਤੇ ਪਾਏ ਜਾਣ ਪਿੱਛੋਂ ਹੁਣ ਕੈਪਟਨ ਹਰ ਖੇਤਰ ਦੇ ਆਗੂਆਂ ਦੀ ਪਿੱਠ ਥਾਪੜ ਰਹੇ ਹਨ ਤਾਂ ਜੋ ਉਹ ਆਪਣੇ-ਆਪਣੇ ਖੇਤਰਾਂ ’ਚ ਅਸਰਦਾਰ ਢੰਗ ਨਾਲ ਕੰਮ ਕਰ ਸਕਣ।

ਇਹ ਵੀ ਪੜ੍ਹੋ:  ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਮੁੱਖ ਮੰਤਰੀ ਸ਼ੁੱਕਰਵਾਰ ਜਦੋਂ ਵਿਧਾਨ ਸਭਾ ਕੰਪਲੈਕਸ ਵਿਖੇ ਸੀ. ਐੱਮ. ਦੇ ਚੈਂਬਰ ’ਚ ਬੈਠੇ ਹੋਏ ਸਨ ਤਾਂ ਉਨ੍ਹਾਂ ਨਾਲ ਸਭ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਮਿਲਣ ਦੀ ਕੋਸ਼ਿਸ਼ ਕੀਤੀ। ਕਈ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨਾਲ ਸਿਆਸੀ ਸਥਿਤੀ ’ਤੇ ਚਰਚਾ ਕੀਤੀ। ਕਈ ਵਿਧਾਇਕਾਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਾ ਚੈਂਬਰ ਪੂਰੀ ਤਰ੍ਹਾਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਭਰਿਆ ਹੋਇਆ ਸੀ। ਸੰਸਦ ਮੈਂਬਰਾਂ ’ਚ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਹੋਰ ਸੰਸਦ ਮੈਂਬਰ ਸ਼ਾਮਲ ਸਨ।

ਇਹ ਵੀ ਪੜ੍ਹੋ: ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਲਈ ਖ਼ੁਸ਼ਖ਼ਬਰੀ, ਹੁਣ ਰਾਤ ਨੂੰ ਇਸ ਟਾਈਮ ਵੀ ਮਿਲੇਗੀ ਬੱਸ ਸਰਵਿਸ

PunjabKesari

ਵਿਧਾਇਕਾਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸਰਕਾਰੀ ਕੰਮਾਂ ਬਾਰੇ ਉਨ੍ਹਾਂ ਨਾਲ ਚਰਚਾ ਕੀਤੀ। ਕੁੱਲ ਮਿਲਾ ਕੇ ਕਾਂਗਰਸ ਦੀ ਸਿਆਸਤ ਵਿਧਾਨ ਸਭਾ ਕੰਪਲੈਕਸ ਵਿਚ ਪੂਰੀ ਤਰ੍ਹਾਂ ਭਖੀ ਹੋਈ ਸੀ। ਕਾਂਗਰਸ ਦੇ ਸੰਸਦ ਮੈਂਬਰ ਸ਼ੁਰੂ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਨਾਲ ਮਜ਼ਬੂਤੀ ਨਾਲ ਚੱਲ ਰਹੇ ਹਨ। ਇਸੇ ਤਰ੍ਹਾਂ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਇਕ ਹੋਰ ਸੀਨੀਅਰ ਆਗੂ ਪ੍ਰਿਯੰਕਾ ਦੇ ਕੈਪਟਨ ਅਮਰਿੰਦਰ ਸਿੰਘ ਵੱਲ ਝੁਕਾਅ ਨੂੰ ਵੇਖਦੇ ਹੋਏ ਡਾਵਾਂਡੋਲ ਵਿਧਾਇਕ ਵੀ ਮੁੱਖ ਮੰਤਰੀ ਵੱਲ ਆ ਗਏ ਹਨ। ਕਈ ਵਿਧਾਇਕਾਂ ਨੇ ਸ਼ੁੱਕਰਵਾਰ ਵਿਧਾਨ ਸਭਾ ਸਮਾਗਮ ਦੇ ਬਹਾਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

PunjabKesari

ਕੈਪਟਨ ਅਮਰਿੰਦਰ ਸਿੰਘ ਦਾ ਰਵੱਈਆ ਵੀ ਹੁਣ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਲੈ ਕੇ ਕਾਫ਼ੀ ਉਸਾਰੂ ਹੋ ਗਿਆ ਹੈ। ਉਹ ਸਭ ਨਾਲ ਆਸਾਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਕੰਮਾਂ ਨੂੰ ਤੇਜ਼ ਰਫ਼ਤਾਰ ਦੇਣ ’ਚ ਲੱਗੇ ਹੋਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਸਰਕਾਰੀ ਕੰਮ ਤੇਜ਼ੀ ਨਾਲ ਹੋ ਰਹੇ ਹਨ। ਅਧਿਕਾਰੀਆਂ ਵੱਲੋਂ ਵੀ ਮੁੱਖ ਮੰਤਰੀ ਦੇ ਨਿਰਦੇਸ਼ਾਂ ਨੂੰ ਵੇਖਦੇ ਹੋਏ ਹੁਣ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਸਭ ਕੰਮਾਂ ਨੂੰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗੜ੍ਹਸ਼ੰਕਰ 'ਚ ਖ਼ੌਫ਼ਨਾਕ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News