ਪਹਿਲਾਂ ਸੁਲਤਾਨਪੁਰ ਲੋਧੀ ਜਾਣਗੇ ਕੈਪਟਨ ਤੇ ਮੋਦੀ, ਫਿਰ ਜਾਣਗੇ ਡੇਰਾ ਬਾਬਾ ਨਾਨਕ

11/08/2019 10:44:43 PM

ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਸਵੇਰੇ ਪਹਿਲਾਂ ਸ੍ਰੀ ਸੁਲਤਾਨਪੁਰ ਲੋਧੀ ਸਾਹਿਬ ਵਿਖੇ ਗੁਰਦੁਆਰਾ ਬੇਰ ਸਾਹਿਬ ਵਿਚ ਨਤਮਸਤਕ ਹੋਣਗੇ ਤੇ ਉਸ ਤੋਂ ਬਾਅਦ ਡੇਰਾ ਬਾਬਾ ਨਾਨਕ ਜਾਣਗੇ। ਮੁੱਖ ਮੰਤਰੀ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਸੁਲਤਾਨਪੁਰ ਲੋਧੀ 'ਚ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਪਹੁੰਚ ਗਏ ਤੇ ਅੱਜ ਸਵੇਰੇ ਉਹ ਹੈਲੀਕਾਪਟਰ ਰਾਹੀਂ ਸੁਲਤਾਨਪੁਰ ਰਵਾਨਾ ਹੋਣਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਬੇਰ ਸਾਹਿਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਸ੍ਰੀ ਸੁਲਤਾਨਪੁਰ ਲੋਧੀ ਨੂੰ ਖਾਸ ਤੌਰ 'ਤੇ ਸਜਾਇਆ ਗਿਆ ਹੈ ਤੇ ਨਾਲ ਹੀ ਇਥੇ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਦੇ ਠਹਿਰਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਕੈਪਟਨ ਅਮਰਿੰਦਰ ਸਿੰਘ ਮੋਦੀ ਦੇ ਨਾਲ ਡੇਰਾ ਬਾਬਾ ਨਾਨਕ ਜਾਣਗੇ। ਜਿਥੇ ਸ੍ਰੀ ਕਰਤਾਰਪੁਰ ਕੋਰੀਡੋਰ ਦਾ ਸ਼ੁੱਭ ਆਰੰਭ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਡੇਰਾ ਬਾਬਾ ਨਾਨਕ ਵਿਚ ਟੈਂਟ ਸਿਟੀ ਬਣਾਈ ਹੋਈ ਹੈ। ਇਸ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਦੀ ਬੇਨਤੀ 'ਤੇ ਟੈਂਟ ਸਿਟੀ ਦਾ ਨਿਰੀਖਣ ਵੀ ਕਰਨਗੇ। ਟੈਂਟ ਸਿਟੀ ਵਿਚ ਦੇਸ਼ ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਨੂੰ ਠਹਿਰਾਉਣ ਲਈ ਆਧੁਨਿਕ ਤਰੀਕੇ ਨਾਲ ਪ੍ਰਬੰਧ ਕੀਤੇ ਗਏ ਹਨ। ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਰੇ ਸਾਥੀ ਮੌਜੂਦ ਸਨ। ਕਰਤਾਰਪੁਰ ਕੋਰੀਡੋਰ ਦੇ ਸ਼ੁੱਭ ਆਰੰਭ ਤੋਂ ਬਾਅਦ ਕਾਂਗਰਸ ਦਾ ਉਚ ਪੱਧਰੀ ਵਫਦ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਰਵਾਨਾ ਹੋ ਜਾਵੇਗਾ।


Related News