ਆਪਸੀ ਵਿਵਾਦ ''ਚ ਉਲਝੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਕੈਪਟਨ ਦੀ ਸਖਤ ਚਿਤਾਵਨੀ

04/11/2018 7:20:41 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਅਦਾਲਤਾਂ ਅਤੇ ਮੀਡੀਆ ਵਿਚ ਆਪਣੀ ਚੱਲ ਰਹੀ ਨਿੱਜੀ ਅਤੇ ਪੇਸ਼ੇਵਰ ਲੜਾਈ ਨੂੰ ਤੁਰੰਤ ਖਤਮ ਕਰਨ ਦੇ ਹੁਕਮ ਦਿੱਤੇ ਹਨ। ਪੁਲਸ ਦੇ ਉੱਚ ਅਧਿਕਾਰੀਆਂ ਨਾਲ ਬੁੱਧਵਾਰ ਦੁਪਹਿਰ ਕੀਤੀ ਬੰਦ ਕਮਰਾ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇ ਕੋਈ ਪੰਜਾਬ ਪੁਲਸ ਦਾ ਨਾਂ ਬਦਨਾਮ ਕਰਨ ਅਤੇ ਅਨੁਸ਼ਾਸਨਭੰਗ ਕਰਦਾ ਹੈ ਤਾਂ ਉਹ ਉਸ ਅਹੁਦੇ ਤੋਂ ਹਟਾ ਵੀ ਸਕਦੇ ਹਨ। ਸੀਨੀਅਰ ਪੁਲਸ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਉਹ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ ਨੂੰ ਬਰਖ਼ਾਸਤ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਤੱਕ ਵੀ ਪਹੁੰਚ ਕਰਨਗੇ।

ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਦੇ ਹਾਲ ਹੀ ਦੀਆਂ ਘਟਨਾਵਾਂ ਵਿਚ ਸ਼ਾਮਲ ਹੋਣ 'ਤੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇਸ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਸਵੀਕਾਰ ਨਹੀਂ ਕਰਨਗੇ।
ਕੁੱਝ ਅਧਿਕਾਰੀਆਂ ਵੱਲੋਂ ਪੰਜਾਬ ਪੁਲਸ ਦੇ ਅਕਸ ਨੂੰ ਢਾਹ ਲਾਉਣ 'ਤੇ ਗੁੱਸੇ ਅਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਸੇ ਦਾ ਵੀ ਨਾਂ ਲਏ ਬਗੈਰ ਕਿਹਾ ਕਿ ਪੇਸ਼ੇਵਰ ਸਮੱਸਿਆਵਾਂ ਨਾਲ ਨਜਿੱਠਣ ਦੇ ਵੱਖ-ਵੱਖ ਚੈਨਲ ਤੇ ਢੰਗ ਤਰੀਕੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਮਾਮਲਿਆਂ ਨੂੰ ਅਦਾਲਤ ਵਿਚ ਲੈ ਕੇ ਜਾਣਾ ਪ੍ਰਵਾਨ ਕਰਨ ਯੋਗ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗੱਲਾਂ ਨੂੰ  ਇਸੇ ਸਮੇਂ ਬੰਦ ਕਰ ਦਿਓ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੁਲਸ ਦੇ ਕਿਸੇ ਵੀ ਅਧਿਕਾਰੀ ਨੂੰ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਲੀਡਰਸ਼ਿਪ ਪ੍ਰਵਾਨ ਕਰਨੀ ਲੋੜੀਂਦੀ ਹੈ।