ਕੈਪਟਨ ਦੀ ਬਾਜਵਾ ਨੂੰ ਦੋ ਟੁੱਕ : ਨੰਦਾ ਨੂੰ ਹਟਾਉਣ ਦੇ ਮਾਮਲੇ 'ਤੇ ਤੇਰਾ ਕੋਈ ਲੈਣਾ ਦੇਣਾ ਨਹੀਂ

01/17/2020 7:05:31 PM

ਜਲੰਧਰ,(ਧਵਨ)–ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਬਰਖਾਸਤ ਕਰਨ ਦੀ ਅਨੈਤਿਕ ਅਤੇ ਗੈਰ-ਜ਼ਿੰਮੇਵਾਰਾਨਾ ਮੰਗ ਨੂੰ ਪੂਰੀ ਤਰ੍ਹਾਂ ਖਾਰਿਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਸਾਡੀ ਸਰਕਾਰ ਦੇ ਕੰਮਕਾਜ ਤੋਂ ਖੁਦ ਨੂੰ ਬਾਹਰ ਰੱਖਣ, ਜਿਸ ਦੇ ਬਾਰੇ ਉਹ ਪੂਰੀ ਤਰ੍ਹਾਂ ਅਣਜਾਣ ਹਨ। ਬਾਜਵਾ ਵਲੋਂ ਲਿਖੀ ਗਈ ਖੁੱਲ੍ਹੀ ਚਿੱਠੀ, ਜਿਸ ਵਿਚ ਐਡਵੋਕੇਟ ਜਨਰਲ ਦੀਆਂ ਅਸਫਲਤਾਵਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਸਲ ਵਿਚ ਨਿਰਾਸ਼ਾ ਦੀ ਸਥਿਤੀ ਵਿਚ ਖੁਦ ਨੂੰ ਸਿਆਸੀ ਤਵੱਜੋ ਦੀ ਸਥਿਤੀ ਵਿਚ ਰੱਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਐਡਵੋਕੇਟ ਜਨਰਲ ’ਤੇ ਪੂਰਾ ਭਰੋਸਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੁਸੀਂ ਅਤੁਲ ਨੰਦਾ ਦੀ ਕਾਰਗੁਜ਼ਾਰੀ ਨੂੰ ਪਰਖਣ ਲਈ ਨਾ ਤਾਂ ਯੋਗ ਹੋ ਤੇ ਨਾ ਹੀ ਤੁਹਾਨੂੰ ਇਸ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਜਿਸ ਗੱਲ ਦੀ ਤੁਹਾਨੂੰ ਕੋਈ ਜਾਣਕਾਰੀ ਨਹੀਂ ਹੈ, ਉਸ ਵਿਚ ਦਖਲਅੰਦਾਜ਼ੀ ਨਾ ਕਰੋ। ਉਨ੍ਹਾਂ ਕਿਹਾ ਕਿ ਬਾਜਵਾ ਨੇ ਆਪਣੀ ਚਿੱਠੀ ਵਿਚ ਐਡਵੋਕੇਟ ਜਨਰਲ ’ਤੇ ਬੇਬੁਨਿਆਦ ਦੋਸ਼ ਲਾਏ ਹਨ। ਬਾਜਵਾ ਨੇ ਸ਼ੁੱਕਰਵਾਰ ਨੂੰ ਆਪਣੇ ਟਵਿੱਟਰ ’ਤੇ ਦੁਬਾਰਾ ਚਿੱਠੀ ਲਾਈ ਸੀ, ਜਿਸ ਵਿਚ ਐਡਵੋਕੇਟ ਜਨਰਲ ’ਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿਚ ਅਸਫਲ ਰਹਿਣ ਦੀਆਂ 7 ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ 7 ਘਟਨਾਵਾਂ ਵਿਚ 6 ਵਿਚ ਅਤੁਲ ਨੰਦਾ ਨੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਹੀ ਨਹੀਂ ਕੀਤੀ, ਜਿਸ ਤੋਂ ਪਤਾ ਲੱਗਦਾ ਹੈ ਕਿ ਬਾਜਵਾ ਨੂੰ ਸਹੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਬਾਦਲਾਂ ਨੂੰ ਐਡਵੋਕੇਟ ਜਨਰਲ ਨਾਲ ਕੋਈ ਨਿੱਜੀ ਰੰਜਿਸ਼ ਹੈ।

ਬਾਜਵਾ ਵਲੋਂ ਲਾਏ ਜਾ ਰਹੇ ਦੋਸ਼ਾਂ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਦਾ ਵਤੀਰਾ ਬੇਸ਼ਰਮੀ ਵਾਲਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਵਲੋਂ ਉਠਾਏ ਜਾ ਰਹੇ ਮੁੱਦੇ ਨਾ ਸਿਰਫ ਉਨ੍ਹਾਂ ਦੀ ਆਪਣੀ ਪਾਰਟੀ ਦੇ ਹਿੱਤਾਂ ਦੇ ਖਿਲਾਫ ਹਨ ਸਗੋਂ ਇਸ ਤੋਂ ਇਹ ਵੀ ਸਾਬਿਤ ਹੋ ਰਿਹਾ ਹੈ ਕਿ ਉਹ ਵਿਰੋਧੀ ਧਿਰ ਦੇ ਹੱਥਾਂ ਵਿਚ ਖੇਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਨੂੰ ਕਿਹਾ ਕਿ ਉਹ ਉਨ੍ਹਾਂ ਮਾਮਲਿਆਂ ’ਤੇ ਆਪਣੀ ਰਾਏ ਨਾ ਦੇਣ, ਜੋ ਉਨ੍ਹਾਂ ਨਾਲ ਸਬੰਧ ਨਹੀਂ ਰੱਖਦੇ ਅਤੇ ਉਨ੍ਹਾਂ ਨੂੰ ਆਪਣੇ ਸੰਸਦੀ ਖੇਤਰ ਦੀ ਸੇਵਾ ਵਲ ਧਿਆਨ ਦੇਣਾ ਚਾਹੀਦਾ ਹੈ।

 


Related News