ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਹੀ ਇਹ ਗੱਲ
Monday, Apr 24, 2023 - 04:24 PM (IST)
ਜਲੰਧਰ (ਵੈੱਬੈ ਡਸਕ)- 10 ਮਈ ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਤਹਿਤ ਅੱਜ ਜਲੰਧਰ ਵਿਚ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਇਕਬਾਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਚੋਣ ਮੁਹਿੰਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੱਤਾਧਾਰੀ ਪਾਰਟੀ 'ਤੇ ਵੀ ਨਿਸ਼ਾਨੇ ਸਾਧੇ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ’ਚ ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਅੱਵਲ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਫੜਿਆ ਗਿਆ ਹੈ, ਚੰਗੀ ਗੱਲ ਹੈ ਪਰ ਇਸ ਨੂੰ 30 ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਸੇ ਵੀ ਤਰ੍ਹਾਂ ਸਿੱਖ ਆਗੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਦਾ ਹੈ। ਹਿੰਦੂ, ਸਿੱਖ, ਮੁਸਲਮਾਨ, ਈਸਾਈ ਦੀ ਗੱਲ ਨਹੀਂ ਹੋਣੀ ਚਾਹੀਦੀ। ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਅੰਦਰ ਹੋਣਾ ਚਾਹੀਦਾ ਹੈ।
ਕਾਂਗਰਸ ਅਤੇ ਭਾਜਪਾ ਸੰਗਠਨ ਵਿਚਲੇ ਫਰਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸਾਰੇ ਫ਼ੈਸਲੇ ਗਾਂਧੀ ਪਰਿਵਾਰ ਹੀ ਲੈਂਦਾ ਹੈ ਅਤੇ ਇਸ ਲਈ ਉਨ੍ਹਾਂ ਨੇ 3 ਤੋਂ 4 ਲੋਕਾਂ ਦੀ ਟੀਮ ਬਣਾਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਲੋਕ ਪੰਜਾਬ ਬਾਰੇ ਨਹੀਂ ਜਾਣਦੇ, ਉਹ ਪੰਜਾਬ ਵਿੱਚ ਟਿਕਟਾਂ ਦੀ ਵੰਡ ਕਰਦੇ ਹਨ ਜਦਕਿ ਭਾਜਪਾ 'ਚ ਪਾਰਟੀ ਆਗੂਆਂ ਦਾ ਸਮੂਹਿਕ ਫ਼ੈਸਲਾ ਹੁੰਦਾ ਹੈ ਅਤੇ ਇਸ ਲਈ ਵਰਕਰਾਂ ਦੀ ਰਾਏ ਵੀ ਲਈ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਵੇਖਿਆ ਜਾਵੇ ਤਾਂ ਮੋਦੀ ਸਰਕਾਰ ਨੇ ਪੂਰੇ ਵਿਸ਼ਵ 'ਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਇਕ ਪਲ ਵੀ ਨਹੀਂ ਬੈਠਦੇ ਹਨ ਸਗੋਂ ਉਹ ਨਵੀਆਂ-ਨਵੀਆਂ ਯੋਜਨਾਵਾਂ 'ਤੇ ਕੰਮ ਕਰਦੇ ਰਹਿੰਦੇ ਹਨ।
ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਭ ਤੋਂ ਪਹਿਲਾਂ ਪਤਾ ਹੋਣਾ ਚਾਹੀਦਾ ਹੈ ਕਿ ਜਦੋਂ ਕਿਸੇ ਵੀ ਸੂਬੇ ਵਿੱਚ ਕਿਸੇ ਵੀ ਵਿਅਕਤੀ 'ਤੇ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਉਹ ਪੁਲਸ ਲਿਆ ਕੇ ਪੁੱਛਗਿੱਛ ਕਰਦੀ ਹੈ। ਉਸ ਸਬੰਧ ਵਿਚ ਜੋ ਵੀ ਖ਼ਰਚਾ ਜਾਂ ਜੋ ਵੀ ਸਿਸਟਮ ਹੁੰਦਾ ਹੈ, ਉਸ ਨੂੰ ਸੂਬੇ ਦੀ ਸਰਕਾਰ ਨੂੰ ਪੁਲਸ ਨੂੰ ਦੇਣਾ ਪੈਂਦਾ ਹੈ। ਜੇਕਰ ਬਿਸ਼ਨੋਈ ਦੀ ਗੱਲ ਕਰੀਏ ਤਾਂ ਬਿਸ਼ਨੋਈ ਲੰਬੇ ਸਮੇਂ ਤੋਂ ਬਠਿੰਡਾ ਜੇਲ੍ਹ ਵਿਚ ਸੀ, ਹੁਣ ਕੁਝ ਦਿਨ ਪਹਿਲਾਂ ਹੀ ਦਿੱਲੀ ਪੁਲਸ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਲੈ ਗਈ ਹੈ।
ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।