ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ''ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਗਏ ਵੱਡੇ ਫੈਸਲੇ

04/19/2017 7:29:39 PM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਵੱਡੇ ਫੈਸਲੇ ਲੈਂਦਿਆਂ ਪੰਜਾਬ ਕੈਬਨਿਟ ਨੇ ਨਵੀਂ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਨੇ ਨਿੱਜੀ ਸਕੂਲਾਂ ਦੀ ਮਨਮਰਜ਼ੀ ਨੂੰ ਰੋਕਣ ਲਈ ਅਤੇ ਫੀਸ ''ਤੇ ਲਗਾਮ ਲਗਾਉਣ ਲਈ ਨੀਤੀ ਬਣਾਈ ਹੈ। ਇਸ ਨੀਤੀ ਮੁਤਾਬਕ ਨਿੱਜੀ ਸਕੂਲ 8 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਪੰਜਾਬ ਕੈਬਨਿਟ ਦੀ ਇਸ ਮੀਟਿੰਗ ਵਿਚ ਕੈਬਨਿਟ ਮੰਤਰੀਆਂ ਅਤੇ ਰਾਜ ਮੰਤਰੀਆਂ ਦਾ ਭੱਤਾ ਵੀ ਤੈਅ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀਆਂ ਨੂੰ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਰਾਜ ਮੰਤਰੀਆਂ ਨੂੰ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਤੈਅ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ 125 ਸਾਲ ਪੁਰਾਣੀ ਵਿਰਾਸਤ ਨੂੰ ਬਚਾਉਣ ਲਈ ਖਾਲਸਾ ਯੂਨੀਵਰਸਿਟੀ ਐਕਟ ਨੂੰ ਖਤਮ ਕਰਨ ''ਤੇ ਮੋਹਰ ਲਗਾਉਂਦੇ ਹੋਏ ਅੰਮ੍ਰਿਤਸਰ ਦੀ ਖਾਲਸਾ ਯੂਨੀਵਰਿਸਟੀ ਨੂੰ ਮੁੜ ਖਾਲਸਾ ਕਾਲਜ ਬਣਾਉਣ ਦਾ ਫੈਸਲਾ ਲਿਆ ਹੈ।

Gurminder Singh

This news is Content Editor Gurminder Singh