ਕੈਪਟਨ ਦੀ ਕਿਸਾਨਾਂ ਨੂੰ ਅਪੀਲ, ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰੋ ਸਗੋਂ ਦਿੱਲੀ ਜਾ ਕੇ ਲੜੋ ਲੜਾਈ

09/13/2021 7:26:38 PM

ਹੁਸ਼ਿਆਰਪੁਰ(ਘੁੰਮਣ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਾਂਸ਼ਹਿਰ ਵਿਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੁਸ਼ਿਆਰਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ। ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਦੇ ਪਿੰਡ ਮੁਖਲਿਆਣਾ ਵਿਖੇ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੀ ਵੰਡੇ। ਕੈਪਟਨ ਵੱਲੋਂ ਇਥੇ ਜਿਹੜੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਉਸ ਦਾ ਨਾਂ ਉਨ੍ਹਾਂ ਨੇ ਡਾ. ਬੀ. ਆਰ. ਅੰਬੇਡਕਰ ਦੇ ਨਾਂ ’ਤੇ ਰੱਖਿਆ। 

ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਰੱਖੀ ਗੱਡੀ ਦੀ ਡਿਮਾਂਡ ਤੇ ਮੰਗੀਆਂ ਸਨ ਸੋਨੇ ਦੀਆਂ ਅੰਗੂਠੀਆਂ, ਹੁਣ 3 ਸਾਲ ਬਾਅਦ ਮੰਗੇਤਰ 'ਤੇ ਹੋਈ ਇਹ ਕਾਰਵਾਈ

ਇਸ ਦੇ ਨਾਲ ਹੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨ ਦਿੱਲੀ ਜਾ ਕੇ ਆਪਣੀ ਲੜਾਈ ਲੜਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਸਮੇਂ ਕਰੀਬ 113 ਥਾਵਾਂ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ’ਚ ਕਿਸਾਨ ਅੰਦੋਲਨ ਦੇ ਨਾਲ ਪੰਜਾਬ ਨੂੰ ਨੁਕਸਾਨ ਹੋ ਰਿਹਾ ਹੈ। ਪੰਜਾਬ ਦੀ ਆਰਥਿਕਤਾ ਨੂੰ ਖ਼ਰਾਬ ਨਾ ਕੀਤਾ ਜਾਵੇ ਅਤੇ ਅਸੀਂ ਪੰਜਾਬ ਦੇ ਵਿਕਾਸ ਵੱਲ ਧਿਆਨ ਦੇਈਏ। ਉਨ੍ਹਾਂ ਕਿਹਾ ਕਿ ਮੇਰੀ ਕਿਸਾਨਾਂ ਤੋਂ ਅਪੀਲ ਹੈ ਕਿ ਕਿਸਾਨ ਦਿੱਲੀ, ਹਰਿਆਣਾ ’ਚ ਜਾ ਕੇ ਆਪਣੀ ਲੜਾਈ ਲੜਨ। 

ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦਾ ਸਾਥ ਦਿੱਤਾ ਹੈ, ਰੋਕਿਆ ਨਹੀਂ। ਜੇਕਰ ਪੰਜਾਬ ਰੋਕਦਾ ਤਾਂ ਦਿੱਲੀ ਤੱਕ ਆਵਾਜ਼ ਨਹੀਂ ਸੀ ਪਹੁੰਚਣੀ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਹਿਲਾਂ ਵੀ 127 ਵਾਰ ਸੰਵਿਧਾਨ ’ਚ ਸੋਧ ਹੋ ਚੁੱਕੀ ਹੈ ਅਤੇ ਹੁਣ ਵੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ 128ਵੀਂ ਵਾਰ ਸੰਵਿਧਾਨ ’ਚ ਸੋਧ ਕਰ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਬਾਰੇ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ 4624 ਕਰੋੜ ਰੁਪਏ ਦੀ ਲਾਗਤ ਨਾਲ 5.64 ਲੱਖ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ ਕਰ ਦਿੱਤੇ ਹਨ ਅਤੇ ਇਸ ਤਰ੍ਹਾਂ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਇਸ ਯੋਜਨਾ ਦੀ ਸ਼ੁਰੂਆਤ ਦੇ ਪ੍ਰਤੀਕ ਵਜੋਂ 75 ਖੇਤ ਮਜ਼ਦੂਰਾਂ ਅਤੇ ਬੇ-ਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੀ ਸੌਂਪੇ।

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਾਂਸ਼ਹਿਰ ਨੂੰ ਕੈਪਟਨ ਵੱਲੋਂ ਤੋਹਫ਼ਾ, ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ

ਇਸ ਮੌਕੇ ਬੋਲਦਿਆਂ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਕਿ ਹੁਸ਼ਿਆਪੁਰ ਜ਼ਿਲੇ ਦੇ ਸਮੁੱਚੇ ਕੰਢੀ ਖੇਤਰ ਨੂੰ ਵਧੀਆ ਬੁਨਿਆਦੀ ਢਾਂਚਾ ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇੱਥੋਂ ਦੇ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਇਸ ਤੋਂ ਪਹਿਲਾਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਨੂਰਮਹਿਲ: ਨੂੰਹ-ਪੁੱਤਰ ਹੀ ਨਿਕਲੇ ਵਿਧਵਾ ਮਾਂ ਦੇ ਕਾਤਲ, ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਦਿੱਤੀ ਦਰਦਨਾਕ ਮੌਤ

ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਹਲਕਾ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ, ਵਿਧਾਇਕ ਉੜਮੁੜ ਟਾਂਡਾ ਤੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਵਿਧਾਇਕ ਫਗਵਾੜਾ ਬੀ. ਐੱਸ. ਧਾਲੀਵਾਲ, ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਵਿਧਾਇਕ ਦਸੂਹਾ ਅਰੁਣ ਡੋਗਰਾ, ਵਿਧਾਇਕ ਮੁਕੇਰੀਆਂ ਇੰਦੂ ਬਾਲਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲਾ ਪੁਲਸ ਮੁਖੀ ਅਮਨੀਤ ਕੌਂਡਲ, ਕਾਂਗਰਸ ਦੇ ਜ਼ਿਲਾ ਪ੍ਰਧਾਨ ਡਾ. ਕੁਲਦੀਪ ਨੰਦਾ, ਨਮੀਸ਼ਾ ਮਹਿਤਾ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰੀ ਪ੍ਰਵੀਨ ਸੈਣੀ ਤੋਂ ਇਲਾਵਾ ਹੋਰ ਹਜ਼ਾਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

shivani attri

This news is Content Editor shivani attri