ਹੜ੍ਹ ਪ੍ਰਭਾਵਿਤ ਖੇਤਰਾਂ ਦਾ CM ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਨੇ ਲਿਆ ਜਾਇਜ਼ਾ

08/21/2019 8:08:21 PM

ਲੋਹੀਆਂ,(ਮਨਜੀਤ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ.ਜਨਰਲ (ਰਿਟਾ.) ਟੀ. ਐੱਸ. ਸ਼ੇਰਗਿੱਲ ਤੇ ਮੁੜ ਵਸੇਬਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਗਿਆ। ਇਨ੍ਹਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਐੱਸ. ਐੱਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ, ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਵੀ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭੋਜਨ, ਇਲਾਜ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਅੱਜ ਹੜ੍ਹ•'ਚ ਫਸੇ ਲੋਕਾਂ ਲਈ ਪ੍ਰਸ਼ਾਸ਼ਨ ਵਲੋਂ ਹੈਲੀ ਕਾਪਟਰ ਰਾਹੀਂ ਖਾਣ-ਪੀਣ ਦੀ ਰਸਦ ਪਹੁੰਚਾਈ ਗਈ। ਜਦਕਿ ਦੂਜੇ ਪਾਸੇ ਧਾਰਮਕ ਤੇ ਸਮਾਜਿਕ ਜੱਥੇਬੰਦੀਆਂ ਤੇ ਸਮਾਜ ਸੇਵੀ ਸੰਸਥਾਂਵਾਂ ਵੱਲੋਂ ਵੀ ਲੰਗਰ ਵਰਤਾਏ ਗਏ।