ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ ''ਤੇ ਬੋਲੇ ਕੈਪਟਨ

02/28/2020 8:42:39 PM

ਜਲੰਧਰ,(ਧਵਨ)– ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਸ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਵਾਪਸ ਪਰਤ ਰਹੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਅਸਲ ਵਿਚ ਰਾਸ਼ਟਰੀ ਸੁਰੱਖਿਆ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇੰਟੈਲੀਜੈਂਸ ਬਿਊਰੋ (ਆਈ. ਬੀ.) ਦੀ ਅਪੀਲ 'ਤੇ ਕੀਤੀ ਗਈ ਸੀ। ਜੇਕਰ ਗੁਰਦਾਸਪੁਰ ਪੁਲਸ ਆਈ. ਬੀ. ਦੀ ਅਪੀਲ 'ਤੇ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਸਹਿਯੋਗ ਨਾ ਦਿੰਦੀ ਤਾਂ ਉਸਦੇ ਖਿਲਾਫ ਸਖ਼ਤ ਕਾਰਵਾਈ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਇਸ ਲਈ ਪੰਜਾਬ ਪੁਲਸ ਨੂੰ ਆਪਣੀਆਂ ਹੱਦਾਂ ਵਿਚ ਰਹਿ ਕੇ ਕੰਮ ਕਰਨਾ ਲਾਜ਼ਮੀ ਹੁੰਦਾ ਹੈ। ਮੁੱਖ ਮੰਤਰੀ ਨੇ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕਿਹਾ ਕਿ ਇੰਟੈਲੀਜੈਂਸ ਬਿਊਰੋ ਦੀ ਅਪੀਲ ਨੂੰ ਅਣਸੁਣਿਆ ਨਹੀਂ ਕੀਤਾ ਜਾ ਸਕਦਾ।

ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਨੇ ਅੱਜ ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਵਿਚ ਸ਼ੋਰ-ਸ਼ਰਾਬਾ ਕੀਤਾ ਅਤੇ ਮੁੱਖ ਮੰਤਰੀ ਤੋਂ ਜਵਾਬ ਮੰਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰੀ ਸੁਰੱਖਿਆ ਦੇ ਮਜ਼ਬੂਤ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰੀ ਏਜੰਸੀਆਂ ਨੂੰ ਸਹਿਯੋਗ ਦੇਵੇਗੀ, ਜਦੋਂ ਵੀ ਸੂਬੇ ਦੀ ਪੁਲਸ ਦੀ ਜ਼ਰੂਰਤ ਮਹਿਸੂਸ ਹੋਵੇਗੀ। ਜੇਕਰ ਪੁਲਸ ਕੇਂਦਰੀ ਏਜੰਸੀਆਂ ਨਾਲ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਸਹਿਯੋਗ ਨਹੀਂ ਦਿੰਦੀ ਹੈ ਤਾਂ ਉਸ ਦੇ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਗਲਿਆਰਾ ਖੁੱਲ੍ਹਣ ਤੋਂ ਬਾਅਦ 51000 ਸ਼ਰਧਾਲੂ ਪਾਕਿਸਤਾਨ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸ਼ਰਧਾਲੂ ਤੋਂ ਕੋਈ ਪੁੱਛਗਿੱਛ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਈ. ਬੀ. ਨੇ ਕੁਝ ਸ਼ੱਕ ਪ੍ਰਗਟਾਇਆ ਸੀ ਅਤੇ ਸੂਬਾ ਪੁਲਸ ਨੂੰ ਕੁਝ ਸ਼ਰਧਾਲੂਆਂ ਦੀ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਸਹਿਯੋਗ ਦੇਣ ਲਈ ਕਿਹਾ ਸੀ। ਪੰਜਾਬ ਦੀ ਸਰਹੱਦ ਦੀ ਸੰਵੇਦਨਸ਼ੀਲਤਾ ਨੂੰ ਵੇਖਦਿਆਂ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕੇਂਦਰੀ ਏਜੰਸੀਆਂ ਨਾਲ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਸਹਿਯੋਗ ਕਰੇ।

 


Related News