ਸੁਖਬੀਰ ਦੀ ਮੰਗ, ਕੈਪਟਨ ਖਿਲਾਫ ਦਰਜ ਹੋਵੇ 307 ਦਾ ਪਰਚਾ

02/23/2019 6:16:27 PM

ਲੁਧਿਆਣਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸੁਖਬੀਰ ਲੁਧਿਆਣਾ ਦੇ ਹਲਕਾ ਪੂਰਬੀ 'ਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਫੇਲ੍ਹ ਮੁੱਖ ਮੰਤਰੀ ਸਾਬਤ ਹੋਏ ਹਨ ਅਤੇ ਪਿਛਲੇ ਦੋ ਸਾਲਾਂ ਵਿਚ ਸਰਕਾਰ ਨੇ ਪੰਜਾਬ ਵਿਚ ਵਿਕਾਸ ਨਹੀਂ ਕੀਤਾ ਹੈ ਤੇ ਸੂਬੇ ਦੀ ਕਾਨੂੰਨ ਵਿਵਸਥਾ ਵੀ ਡਗਮਗਾਈ ਪਈ ਹੈ। ਸੁਖਬੀਰ ਨੇ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਵਿਖੇ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ, ਉਸ ਨੂੰ ਲੈ ਕੇ ਮੁੱਖ ਮੰਤਰੀ ਤੇ ਐੱਸ. ਐੱਸ. ਪੀ. ਖਿਲਾਫ 307 ਦਾ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ। 
ਅੱਗੇ ਬੋਲਦੇ ਹੋਏ ਸੁਖਬੀਰ ਨੇ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੀ ਮੁੱਖ ਮੰਤਰੀ ਦੇ ਹੁਕਮਾਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵੀ ਸਰਕਾਰ ਦੇ ਇਸ਼ਾਰਿਆਂ 'ਤੇ ਬਣਾਈ ਗਈ ਸੀ, ਹੁਣ ਐੱਸ. ਆਈ. ਟੀ. ਉਸੇ ਰਾਹ 'ਤੇ ਤੁਰੀ ਹੋਈ ਹੈ।

Gurminder Singh

This news is Content Editor Gurminder Singh