ਧਮਕੀਆਂ ਦੇਣ ਵਾਲੇ ਖਾਲਿਸਤਾਨੀਆਂ ਨੂੰ ਮੁੱਖ ਮੰਤਰੀ ਕੈਪਟਨ ਦਾ ਕਰਾਰਾ ਜਵਾਬ

05/26/2017 1:26:05 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਅਤੇ ਸ਼ਰੇਆਮ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਵਧਾਏ ਜਾਣ ਦੀ ਮੰਗ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਕੈਪਟਨ ਨੇ ਖਾਲਿਸਤਾਨੀ ਪੱਖੀ ਕੈਨੇਡੀਅਨਾਂ ਨੂੰ ਆਪਣੀਆਂ ਇਨ੍ਹਾਂ ਧਮਕੀਆਂ ਨਾਲ ਪੰਜਾਬ ਆਉਣ ਅਤੇ ਸਰਕਾਰ ਦਾ ਸਾਹਮਣਾ ਕਰਨ ਦੀ ਚੁਣੌਤੀ ਦਿੱਤੀ ਹੈ। ਖਾਲਿਸਤਾਨ ਪੱਖੀਆਂ ਵਲੋਂ ਵੀਡੀਓ ਰਾਹੀਂ ਦਿੱਤੀਆਂ ਗਈਆਂ ਧਮਕੀਆਂ ਬਾਰੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਡਰਣ ਵਾਲੇ ਨਹੀਂ ਹਨ ਅਤੇ ਸੂਬੇ ਦੇ ਲੋਕਾਂ ਦੀ ਰੱਖਿਆ ਲਈ ਉਹ ਅਜਿਹੀਆਂ ਸ਼ਕਤੀਆਂ ਨਾਲ ਪੂਰੀ ਤਰ੍ਹਾਂ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤੱਤ ਪੰਜਾਬ ਵਿਚ ਸਖ਼ਤ ਜਦੋ-ਜਹਿਦ ਨਾਲ ਪੈਦਾ ਕੀਤੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਨ੍ਹਾਂ ਦੇ ਘਿਨਾਉਣੇ ਕੰਮਾਂ ਨੂੰ ਅਸਫ਼ਲ ਕਰਨ ਲਈ ਉਹ ਹਰ ਕਦਮ ਚੁੱਕਣਗੇ। ਉਨ੍ਹਾਂ ਕਾ ਕਿ ਉਨ੍ਹਾਂ ਵਿਚ ਹਿੰਮਤ ਹੈ ਤਾਂ ਉਹ ਪੰਜਾਬ ਆਉਣ ਅਤੇ ਮੇਰੀ ਸਰਕਾਰ ਇਹ ਯਕੀਨੀ ਬਣਾਉਣ ਲਈ ਢੁੱਕਵਾਂ ਕਦਮ ਚੁੱਕੇਗੀ ਕਿ ਆਪਣੀਆਂ ਬੁਜ਼ਦਿਲੀ ਵਾਲੀਆਂ ਧਮਕੀਆਂ ਦੇਣ ਅਤੇ ਸੂਬੇ ਵਿਚ ਅੱਤਵਾਦ ਨੂੰ ਸੁਰਜੀਤ ਕਰਨ ਦੇ ਨਾਪਾਕ ਇਰਾਦੇ ਰੱਖਣ ਵਾਲਿਆਂ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਆਪਣੇ ਅਤੇ ਬਿੱਟੂ ਲਈ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਮੰਗੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਸੂਬਾ ਪੁਲਸ ਕਾਂਗਰਸੀ ਆਗੂਆਂ ਸਣੇ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਵਧਾਉਣ ਦੇ ਸੰਬੰਧ ਵਿਚ ਕੇਂਦਰ ਕੋਲ ਪਹੁੰਚ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਸ ਦੀ ਯੋਗਤਾ ''ਤੇ ਪੂਰਾ ਵਿਸ਼ਵਾਸ ਹੈ ਜੋ ਕਿ ਆਪਣੀ ਵਧੀਆ ਭੂਮਿਕਾ ਨਿਭਾਅ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਡਰਪੋਕ ਲੋਕਾਂ ਦੀਆਂ ਗਿੱਦੜਭੱਬਕੀਆਂ ਤੋਂ ਡਰਨ ਵਾਲੇ ਨਹੀਂ ਹਨ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਖਾਲਿਸਤਾਨੀ ਪੱਖੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਾਲ ਹੀ ਵਿਚ ਦਿੱਤੀਆਂ ਧਮਕੀਆਂ ਕਾਰਨ ਉਹ ਹੋਰ ਸੁਰੱਖਿਆ ਨਹੀਂ ਲੈ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਵੀਡੀਓ ਰਾਹੀਂ ਦਿੱਤੀਆਂ ਧਮਕੀਆਂ ਦੇ ਮੱਦੇਨਜ਼ਰ ਉਨ੍ਹਾਂ ਦਾ ਸੁਰੱਖਿਆ ਘੇਰਾ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਜਾਣਾ ਚਾਹੀਦਾ। ਬੁਲਾਰੇ ਨੇ ਅਫਸੋਸ ਜ਼ਾਹਰ ਕੀਤਾ ਕਿ ਸਿੱਖਜ਼ ਫਾਰ ਜਸਟਿਸ ਜੋ ਧਮਕੀਆਂ ਵਾਲੀਆਂ ਵੀਡੀਓ ਸ਼ੋਸ਼ਲ ਮੀਡੀਆ ''ਤੇ ਪਾਉਣ ਪਿੱਛੇ ਸ਼ਾਮਲ ਹੈ, ਨੂੰ ਕੈਨੇਡੀਅਨ ਸੰਸਦ ਵਿਚ ਭਾਰਤੀ ਮੂਲ ਦੇ ਕੁਝ ਮੈਂਬਰਾਂ ਵੱਲੋਂ ਵੀ ਸਮਰਥਨ ਦਿੱਤਾ ਜਾ ਰਿਹਾ ਹੈ।


Gurminder Singh

Content Editor

Related News