ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ

Wednesday, Feb 20, 2019 - 09:06 AM (IST)

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲਿਆਂ ਦੇ 409 ਪਿੰਡਾਂ 'ਚ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਤਿੰਨ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ 'ਚ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪੂਰਨ ਤੌਰ 'ਤੇ ਵਚਨਬੱਧ ਹਨ। ਮੁੱਖ ਮੰਤਰੀ ਨੇ ਇਸ ਦੌਰਾਨ ਬਹਾਦਰਗੜ੍ਹ ਅਤੇ ਇਸ ਦੇ ਨੇੜਲੇ 10 ਪਿੰਡਾਂ ਦੇ ਕਲਸਟਰ 'ਚ ਸੀਵਰੇਜ ਪ੍ਰਾਜੈਕਟ ਲਾਉਣ ਦੀ ਵੀ ਸ਼ੁਰੂਆਤ ਕਰਵਾਈ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲੇ ਦੇ ਇਸ ਇਲਾਕੇ ਵਿੱਚ ਪਾਣੀ 'ਚ ਫਲੋਰਾਇਡ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਹੱਡੀਆਂ ਅਤੇ ਦੰਦਾਂ 'ਚ ਫਲੋਰੋਸਿਸ ਦੀ ਸਮੱਸਿਆ ਪੈਦਾ ਹੋ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਸੂਬੇ ਤੋਂ ਬਾਹਰ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨਾਂ ਨੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਨੂੰ ਬਰਬਾਦ ਨਾ ਕਰਨ, ਕਿਉਂਕਿ ਸੂਬੇ ਦਾ ਧਰਤੀ ਹੇਠਲਾ ਪਾਣੀ ਦਿਨ-ਬ-ਦਿਨ ਘਟ ਰਿਹਾ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇ ਅਸੀਂ ਹੁਣ ਵੀ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਝ ਵੀ ਨਹੀਂ ਛੱਡ ਕੇ ਜਾਵਾਂਗੇ।


author

Babita

Content Editor

Related News