ਪੰਜਾਬ ਦਾ ''ਪਾਣੀ'' ਪੰਜਾਬ ''ਚ ਰਹਿਣਾ ਚਾਹੀਦੈ : ਕੈਪਟਨ

02/20/2019 6:18:22 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) 'ਤੇ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦਾ ਪਾਣੀ ਪੰਜਾਬ 'ਚ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦਾ ਪਾਣੀ ਰੋਕਣਾ ਨਹੀਂ ਚਾਹੁੰਦੇ। ਕੈਪਟਨ ਨੇ ਕਿਹਾ ਕਿ ਹਰਿਆਣਾ ਨੂੰ ਪੰਜਾਬ ਤੋਂ ਜ਼ਿਆਦਾ ਪਾਣੀ ਮਿਲ ਰਿਹਾ ਹੈ ਅਤੇ ਪਾਣੀਆਂ ਦੀ ਇਹ ਲੜਾਈ ਬਹੁਤ ਲੰਬੇ ਸਮੇਂ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਸੂਬੇ 'ਤੇ ਪਾਣੀ ਦਾ ਸੰਕਟ ਮੰਡਰਾ ਰਿਹਾ ਹੈ।
ਅਕਾਲੀਆਂ ਦਾ ਮਕਸਦ ਬਜਟ ਰੋਕਣਾ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਬਜਟ ਪੇਸ਼ ਕਰਨ ਵਾਲੇ ਦਿਨ ਤਾਂ ਰੌਲਾ ਪਾਇਆ ਕਿਉਂਕਿ ਉਨ੍ਹਾਂ ਦਾ ਮਕਸਦ ਬਜਟ 'ਚ ਰੁਕਾਵਟ ਪਾਉਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਹੁਣ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰ ਦੇਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ। ਸਦਨ 'ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਗੈਰ ਹਾਜ਼ਰੀ 'ਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ 'ਚ ਸ਼ਾਮਲ ਹੁਣ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਂਗਰਸ ਦੀ ਸਖਤੀ ਨਾਲ ਹੀ ਨਸ਼ਾ ਮਹਿੰਗਾ ਹੋਇਆ ਹੈ।
ਬੇਅਦਬੀਆਂ ਦਾ ਮਾਮਲਾ ਉੱਪਰ ਤੱਕ ਜਾਵੇਗਾ
ਬੇਅਦਬੀ ਮਾਮਲਿਆਂ 'ਤੇ ਬੋਲਦਿਆਂ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਤਾਂ ਹੁਣ ਉੱਪਰ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ 5 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ ਅਤੇ ਸੂਬੇ 'ਚ ਆਰਥਿਕ ਹਿਸਾਬ ਨਾਲ ਕਰਜ਼ਾ ਮੁਆਫੀ ਦਾ ਦਾਇਰਾ ਵਧਦਾ ਰਹੇਗਾ। ਦਿਨੋਂ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਮਾਮਲੇ 'ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਦੂਸ਼ਣ ਲਈ ਸਿਰਫ ਪੰਜਾਬ ਨੂੰ ਹੀ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ।


Babita

Content Editor

Related News