ਕੈਪਟਨ ਵਲੋਂ ਮਹਿਲਾ ਡਰੱਗ ਇੰਸਪੈਕਟਰ ਦੇ ਕਤਲ ਦੀ ਜਾਂਚ ਦੇ ਹੁਕਮ

Saturday, Mar 30, 2019 - 09:24 AM (IST)

ਕੈਪਟਨ ਵਲੋਂ ਮਹਿਲਾ ਡਰੱਗ ਇੰਸਪੈਕਟਰ ਦੇ ਕਤਲ ਦੀ ਜਾਂਚ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਸ ਮੁਖੀ ਨੂੰ ਖਰੜ ਦੀ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੀ ਹੱਤਿਆ ਦੀ ਫੌਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। ਮਹਿਲਾ ਅਧਿਕਾਰੀ ਦੀ ਹੱਤਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕਿਸੇ ਦੇ ਦਖਲ ਦੇਣ ਜਾਂ ਧਮਕਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਦੱਸਣਯੋਗ ਹੈ ਕਿ ਬੀਤੀ ਸਵੇਰ 11.40 ਵਜੇ ਦੇ ਲਗਪਗ ਮੋਰਿੰਡਾ ਵਾਸੀ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲਾ ਦੀ ਹੱਤਿਆ ਕਰ ਦਿੱਤੀ। ਦੋਸ਼ੀ, ਪੀੜਤਾ ਦੇ ਦਫ਼ਤਰ 'ਚ ਗਿਆ ਅਤੇ ਦੋ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਬੂ ਆਉਣ 'ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Babita

Content Editor

Related News