ਕੈਪਟਨ ਨੇ ਕਿਸਾਨ ਕਰਜ਼ਾ ਮੁਆਫੀ ਦੇ ਮੁੱਦੇ ''ਤੇ ਭਾਜਪਾ ਦੀ ਚੁੱਪੀ ''ਤੇ ਬੋਲਿਆ ਸਿਆਸੀ ਹਮਲਾ
Tuesday, Apr 09, 2019 - 03:03 PM (IST)

ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਚੋਣ ਐਲਾਨ ਪੱਤਰ ਨੂੰ ਦੇਸ਼ ਦੇ ਨਾਂ 'ਤੇ ਇਕ ਭੱਦਾ ਮਜ਼ਾਕ ਦੱਸਦਿਆਂ ਕਿਹਾ ਕਿ ਪਹਿਲਾਂ ਭਾਜਪਾ ਨੂੰ ਆਪਣੇ ਪਿਛਲੇ 5 ਸਾਲ ਦਾ ਹਿਸਾਬ ਦੇਣਾ ਚਾਹੀਦਾ ਹੈ। ਜਨਤਾ ਨੇ ਉਨ੍ਹਾਂ ਦੇ ਸੰਕਲਪ ਪੱਤਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਲੋਕਾਂ ਨੂੰ ਇਕ ਵਾਰ ਫਿਰ ਗੁੰਮਰਾਹ ਕਰਨ ਲਈ ਸੰਕਲਪ ਪੱਤਰ ਪੇਸ਼ ਕੀਤਾ ਹੈ, ਜਿਸ 'ਤੇ ਜਨਤਾ ਹੁਣ ਭਰੋਸਾ ਕਰਨ ਵਾਲੀ ਨਹੀਂ।
ਉਨ੍ਹਾਂ ਕਿਹਾ ਕਿ ਭਾਜਪਾ ਤਾਂ ਆਪਣੇ ਪਹਿਲੇ ਚੋਣ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਹੁਣ ਉਹ ਨਵੇਂ ਵਾਅਦਿਆਂ ਨੂੰ ਕਿਵੇਂ ਪੂਰਾ ਕਰੇਗੀ। ਲੋਕਾਂ ਨੂੰ ਭਾਜਪਾ ਦੇ ਚੋਣ ਸੰਕਲਪ ਪੱਤਰ 'ਤੇ ਭਰੋਸਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਪੁਰਾਣੇ ਮੈਨੀਫੈਸਟੋ 'ਚ ਹਰ ਸਾਲ 2 ਕਰੋੜ ਬੇਰੋਜ਼ਗਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।
ਇਸੇ ਤਰ੍ਹਾਂ ਉਨ੍ਹਾਂ ਹਰੇਕ ਨਾਗਰਿਕ ਦੇ ਬੈਂਕ ਖਾਤੇ 'ਚ 15-15 ਲੱਖ ਰੁਪਏ ਪਾਉਣ ਦੀ ਵੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਚੋਣ ਐਲਾਨ ਪੱਤਰ ਇਕ ਪਵਿੱਤਰ ਦਸਤਾਵੇਜ਼ ਹੁੰਦਾ ਹੈ, ਜਿਸ ਵਿਚ ਕੀਤੇ ਗਏ ਵਾਅਦੇ ਨੂੰ ਪੂਰਾ ਕਰਨਾ ਹਰ ਪਾਰਟੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ ਜਦੋਂਕਿ ਭਾਜਪਾ ਨੇ ਕਿਸਾਨਾਂ ਲਈ ਕਰਜ਼ਾ ਮੁਆਫ ਕਰਨ ਦੀ ਕਿਸੇ ਵਿਵਸਥਾ ਦਾ ਜ਼ਿਕਰ ਆਪਣੇ ਸੰਕਲਪ ਪੱਤਰ ਵਿਚ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸ ਦੇ ਚੋਣ ਐਲਾਨ ਪੱਤਰ 'ਚ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਅਤੇ ਕਾਂਗਰਸ ਦੀਆਂ ਸਾਰੀਆਂ ਸਰਕਾਰਾਂ ਨੇ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਵਿਚੋਂ ਕੱਢਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਪਰ ਭਾਜਪਾ ਇਸ ਵਿਚ ਕੋਈ ਦਿਲਚਸਪੀ ਨਹੀਂ ਲੈ ਰਹੀ। ਕਿਸਾਨਾਂ ਤੋਂ ਬਿਨਾਂ ਦੇਸ਼ ਖੁਸ਼ਹਾਲੀ ਦੇ ਰਸਤੇ 'ਤੇ ਅੱਗੇ ਨਹੀਂ ਵਧ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੇ ਚੋਣ ਐਲਾਨ ਪੱਤਰ ਵਿਚ ਆਰਮਡ ਫੋਰਸਿਜ਼ ਦੇ ਨਾਂ ਦੀ ਗਲਤ ਵਰਤੋਂ ਸਹੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਇਕ ਵੀ ਉਪਲੱਬਧੀ ਜਨਤਾ ਨੂੰ ਦੱਸਣੀ ਚਾਹੀਦੀ ਹੈ, ਜਿਸ ਨੂੰ ਕੇਂਦਰ ਸਰਕਾਰ ਨੇ ਪਿਛਲੇ 5 ਸਾਲਾਂ ਵਿਚ ਪੂਰਾ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ ਵਿਚ ਦੇਸ਼ ਦੀ ਆਰਥਿਕ ਹਾਲਤ ਬਦਤਰ ਹੋ ਰਹੀ ਹੈ। ਨੋਟਬੰਦੀ ਤੋਂ ਬਾਅਦ ਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਹੋਇਆ ਹੈ। ਜਨਤਾ ਇਸ ਦੇ ਲਈ ਭਾਜਪਾ ਨੂੰ ਕਦੇ ਮੁਆਫ ਨਹੀਂ ਕਰੇਗੀ।