ਕੈਪਟਨ ਦਾ ਨਸ਼ਿਆਂ ਦੇ ਮੁੱਦੇ ''ਤੇ ਯੂ-ਟਰਨ

Wednesday, May 15, 2019 - 01:03 PM (IST)

ਕੈਪਟਨ ਦਾ ਨਸ਼ਿਆਂ ਦੇ ਮੁੱਦੇ ''ਤੇ ਯੂ-ਟਰਨ

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੱਥ ਵਿਚ ਸ੍ਰੀ ਗੁਟਕਾ ਸਾਹਿਬ ਫੜ ਸਹੁੰ ਖਾ ਕੇ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ 'ਤੇ 4 ਹਫ਼ਤਿਆਂ ਅੰਦਰ ਨਸ਼ਿਆਂ ਦਾ ਖਾਤਮਾ ਕਰ ਦਿੱਤਾ ਜਾਵੇਗਾ ਪਰ ਹੁਣ ਕੈਪਟਨ ਸਰਕਾਰ ਇਸ ਨਸ਼ਿਆਂ ਦੇ ਮੁੱਦੇ 'ਤੇ ਯੂ-ਟਰਨ ਲੈ ਰਹੀ ਹੈ ਅਤੇ ਲੋਕ ਸਭਾ ਚੋਣਾਂ ਦੌਰਾਨ ਜੋ ਲੋਕਾਂ ਨਾਲ ਵਾਅਦਿਆਂ ਭਰਿਆ ਪਾਕੇਟ ਪੈਂਫਲੇਟ ਜਾਰੀ ਕੀਤਾ ਹੈ, ਉਸ ਵਿਚ ਕੈਪਟਨ ਨੇ ਲਿਖਿਆ ਹੈ ਕਿ ਉਹ 2022 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਗੇ। 
ਲੋਕ ਸਭਾ ਚੋਣਾਂ 'ਚ ਵਿਰੋਧੀ ਸਿਆਸੀ ਪਾਰਟੀਆਂ ਵਲੋਂ 4 ਹਫ਼ਤਿਆਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹੁਣ ਕੈਪਟਨ ਵਲੋਂ ਜੋ ਇਨ੍ਹਾਂ ਚੋਣਾਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਸ 'ਚ ਉਨ੍ਹਾਂ ਵਲੋਂ ਸਪੱਸ਼ਟ ਕੀਤਾ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਵਲੋਂ ਹੱਥ ਵਿਚ ਗੁਟਕਾ ਸਾਹਿਬ ਫੜ੍ਹ ਇਹ ਸਹੁੰ ਖਾਧੀ ਸੀ ਕਿ 4 ਹਫ਼ਤਿਆਂ ਵਿਚ ਪੰਜਾਬ ਵਿਚ ਨਸ਼ਿਆਂ ਦੇ ਤਸਕਰਾਂ ਦਾ ਲੱਕ ਤੋੜ ਦੇਵਾਂਗੇ ਅਤੇ ਇਹ ਵਾਅਦਾ ਉਨ੍ਹਾਂ ਪੂਰਾ ਵੀ ਕੀਤਾ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ 2 ਸਾਲਾਂ ਕਾਰਜਕਾਲ ਦੌਰਾਨ 26 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਪਹੁੰਚਾਇਆ ਅਤੇ ਨਸ਼ੇ ਦੀ ਸਪਲਾਈ ਲਾਈਨ ਕੱਟ ਕੇ ਤਸਕਰਾਂ ਦਾ ਲੱਕ ਤੋੜ ਦਿੱਤਾ ਅਤੇ ਆਉਣ ਵਾਲੇ 3 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਉਹ ਨਸ਼ਾ ਮੁਕਤ ਬਣਾ ਕੇ ਦਮ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਣ ਜੋ 2022 ਤੱਕ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਜੋ ਨਵਾਂ ਵਾਅਦਾ ਕੀਤਾ ਹੈ ਉਹ ਪੂਰਾ ਹੋਵੇਗਾ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ ਪਰ ਫਿਲਹਾਲ ਇਹ ਸਥਿਤੀ ਹੈ ਕਿ ਅੱਜ ਵੀ ਪੰਜਾਬ ਦੇ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ।
ਕਿਸਾਨਾਂ ਦਾ ਬੈਂਕਾਂ ਤੇ ਆੜ੍ਹਤੀਆਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਵੀ ਲੋਕ ਸਭਾ ਚੋਣਾਂ ਹਵਾ ਹੋਇਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਆਪਣਾ ਮੁੱਖ ਮੰਤਰੀ ਬਣਨ ਦਾ ਸੁਪਨਾ ਪੂਰਾ ਕਰਨ ਲਈ ਬੇਤਹਾਸ਼ਾ ਤੇ ਨਾ ਪੂਰੇ ਹੋਣ ਵਾਲੇ ਵਾਅਦੇ ਵੀ ਕੀਤੇ ਜਿਸ ਤਹਿਤ ਉਨ੍ਹਾਂ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ 'ਤੇ ਜਿੱਥੇ ਉਨ੍ਹਾਂ ਦਾ ਬੈਂਕਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਉਥੇ ਆੜ੍ਹਤੀਆਂ ਦਾ ਕਰਜ਼ਾ ਵੀ ਸਰਕਾਰ ਅਦਾ ਕਰੇਗੀ ਪਰ ਹੁਣ ਜਦੋਂ ਲੋਕ ਸਭਾ ਚੋਣਾਂ 'ਚ ਕਾਂਗਰਸ ਨੇ ਵਾਅਦਿਆਂ ਭਰਿਆਂ ਪੈਂਫਲੇਟ ਜਾਰੀ ਕੀਤਾ, ਉਸ ਵਿਚ ਇਹ ਦਾਅਵਾ ਕੀਤਾ ਕਿ 31 ਮਾਰਚ 2019 ਤੱਕ ਪੰਜਾਬ ਦੇ 8.68 ਲੱਖ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ 5256 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ, ਨਵੇਂ ਵਾਅਦੇ 'ਚ ਕਿਹਾ ਗਿਆ ਕਿ ਕੇਂਦਰ 'ਚ ਕਾਂਗਰਸ ਸਰਕਾਰ ਆਉਣ 'ਤੇ ਕਰਜ਼ਾ ਮੁਆਫ਼ੀ ਤੋਂ ਕਰਜ਼ਾ ਰਾਹਤ ਵੱਲ ਜਾਵਾਂਗੇ ਅਤੇ ਕਿਸਾਨਾਂ ਲਈ ਵੱਖਰਾ ਬਜਟ ਲਿਆਂਵਾਗੇ। ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਸੂਬੇ ਦੇ ਕਿਸਾਨਾਂ ਨਾਲ ਕੀਤਾ ਵਾਅਦਾ ਬੈਂਕਾਂ ਤੇ ਆੜ੍ਹਤੀਆਂ ਦਾ ਸਾਰਾ ਕਰਜ਼ਾ ਮੁਆਫ਼ ਦਾ ਵਾਅਦਾ ਹੁਣ ਲੋਕ ਸਭਾ ਚੋਣਾਂ 'ਚ ਕਿਤੇ ਵੀ ਜ਼ਿਕਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਕੈਪਟਨ ਦਾ ਇਹ ਵਾਅਦਾ ਹੁਣ ਹਵਾ ਹੁੰਦਾ ਦਿਖਾਈ ਦੇ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੇ ਸਾਰੇ ਕਰਜ਼ਿਆਂ ਤੋਂ ਰਾਹਤ ਮਿਲਦੀ ਦਿਖਾਈ ਨਹੀਂ ਦਿੰਦੀ।  


author

Babita

Content Editor

Related News