ਫਸਲਾਂ ਨੂੰ ਬਚਾਉਣ ਲਈ ਬਿਜਲਈ ਤਾਰਬੰਦੀ ਲਈ ਮੁਨੀਸ਼ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

Sunday, Jun 09, 2019 - 10:36 AM (IST)

ਫਸਲਾਂ ਨੂੰ ਬਚਾਉਣ ਲਈ ਬਿਜਲਈ ਤਾਰਬੰਦੀ ਲਈ ਮੁਨੀਸ਼ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਜਲੰਧਰ (ਧਵਨ)— ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਕੰਡੀ ਖੇਤਰ 'ਚ ਫਸਲਾਂ ਨੂੰ ਜੰਗਲੀ ਜਾਨਵਰਾਂ ਵੱਲੋਂ ਨੁਕਸਾਨ ਤੋਂ ਬਚਾਉਣ ਲਈ ਘੱਟ ਵੋਲਟੇਜ ਵਾਲੀ ਬਿਜਲਈ ਤਾਰਬੰਦੀ ਦੇ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦੀ ਅਪੀਲ ਕੀਤੀ ਹੈ। ਤਿਵਾੜੀ ਨੇ ਕੰਡੀ ਖੇਤਰ ਦੇ ਨਾਲ ਇੰਡਸਰੀਅਲ ਜ਼ੋਨ ਸਥਾਪਤ ਕਰਨ ਦੀ ਯੋਜਨਾ ਨੂੰ ਜਲਦੀ ਅਮਲ 'ਚ ਲਿਆਉਣ ਦੀ ਬੇਨਤੀ ਕੀਤੀ ਹੈ, ਜਿਸ ਦਾ ਜ਼ਿਆਦਾਤਰ ਹਿੱਸਾ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਖੇਤਰ 'ਚ ਪੈਂਦਾ ਹੈ।
ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ 'ਚ ਕਿਹਾ ਹੈ ਕਿ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਨੇ ਇਸ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਪਹਿਲਾਂ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕੰਡੀ ਖੇਤਰ 'ਚ ਜੰਗਲੀ ਜਾਨਵਰਾਂ ਵੱਲੋਂ ਫਸਲਾਂ ਨੂੰ ਨੁਕਸਾਨ ਪਹੁੰਚਾਉਣਾ ਇਕ ਗੰਭੀਰ ਸਮੱਸਿਆ ਹੈ ਅਤੇ ਕਾਂਗਰਸ ਸਰਕਾਰ ਕੰਡੀ ਖੇਤਰ 'ਚ ਜੰਗਲੀ ਜਾਨਵਰਾਂ ਦੀ ਸਮੱਸਿਆ ਨੂੰ ਕਾਬੂ ਕਰਨ ਲਈ ਵਚਨਬੱਧ ਹੈ। 
ਉਨ੍ਹਾਂ ਕਿਹਾ ਕਿ ਸੰਸਦੀ ਚੋਣਾਂ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਇਸ ਸਮੱਸਿਆ ਦੇ ਹੱਲ ਲਈ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੰਡੀ ਇਲਾਕੇ ਦੇ ਇਕ ਸਿਰੇ ਤੋਂ ਦੂਜੇ ਸਿਰੇ ਤਕ 309 ਕਿਲੋਮੀਟਰ ਲੰਬੀ ਘੱਟ ਵੋਲਟੇਜ ਵਾਲੀ ਤਾਰਬੰਦੀ ਕੀਤੀ ਜਾ ਸਕਦੀ ਹੈ। ਇਸ ਪ੍ਰਾਜੈਕਟ 'ਤੇ ਲਗਭਗ 300 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਹੈ ਅਤੇ ਕੰਡੀ ਖੇਤਰ ਦੇ ਕਿਸਾਨਾਂ ਲਈ ਇਹ ਰੱਖਿਆ ਦੀ ਪਹਿਲੀ ਕਤਾਰ ਬਣ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਸਬੰਧ 'ਚ ਫੰਡਾਂ ਦਾ ਇੰਤਜ਼ਾਮ ਕਰਨ 'ਚ ਕਾਮਯਾਬ ਹੋਣਗੇ ਕਿਉਂਕਿ ਕੇਂਦਰ ਸਰਕਾਰ ਨੂੰ ਫੰਡ ਦੇਣ ਲਈ ਪਹਿਲਾਂ ਵੀ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਖੇਤਰ ਦੇ ਸਰਵਪੱਖੀ ਵਿਕਾਸ ਲਈ ਕੰਡੀ ਖੇਤਰ ਡਿਵੈਲਪਮੈਂਟ ਬੋਰਡ ਸਥਾਪਤ ਕਰਨ ਦਾ ਭਰੋਸਾ ਦਿੱਤਾ ਹੋਇਆ ਹੈ, ਜਿਸ 'ਚ ਖੇਤਰ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਜਾਵੇਗਾ।


author

shivani attri

Content Editor

Related News