'ਧਾਰਾ-370' ਹਟਾਉਣ 'ਤੇ ਕੈਪਟਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
Monday, Aug 05, 2019 - 04:17 PM (IST)

ਚੰਡੀਗੜ੍ਹ : ਮੋਦੀ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਧਾਰਾ-370 ਨੂੰ ਹਟਾਉਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਇਸ ਫੈਸਲੇ ਨੂੰ ਅਸੰਵਿਧਾਨਿਕ ਕਰਾਰ ਦਿੱਤਾ ਹੈ। ਕੈਪਟਨ ਨੇ ਕਿਹਾ ਹੈ ਕਿ ਧਾਰਾ-370 ਨੂੰ ਹਟਾਉਣਾ ਸੰਵਿਧਾਨ ਦੇ ਨਿਯਮਾਂ ਦੀ ਉਲੰਘਣਾ ਹੈ। ਕੈਪਟਨ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਲੈ ਕੇ ਕਾਨੂੰਨੀ ਵਿਵਸਥਾ ਦਾ ਰਿਵਿਊ ਕਰਕੇ ਪੰਜਾਬ 'ਚ ਰਹਿ ਰਹੇ ਕਸ਼ਮੀਰੀਆਂ ਦੀ ਸੁਰੱਖਿਆ ਵਧਾਉਣ ਅਤੇ ਪੁਲਸ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਅਤੇ ਸਮਾਰੋਹ 'ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ, ਪੰਜਾਬ ਦਾ ਮਾਹੌਲ ਖਰਾਬ ਕਰ ਸਕਦਾ ਹੈ, ਇਸ ਲਈ ਸੁਰੱਖਿਆ ਬਦਲਾਂ ਨੂੰ ਚੌਕਸ ਰਹਿਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਧਾਰਾ-370 ਨੂੰ ਲੈ ਕੇ ਸਮਾਰੋਹ ਜਾਂ ਵਿਰੋਧ ਕਰਨ 'ਤੇ ਵੀ ਰੋਕ ਲਾ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਭਾਰਤੀ ਜਮਹੂਰੀਅਤ ਲਈ ਇਕ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਕੋਈ ਕਾਨੂੰਨੀ ਪ੍ਰਕਿਰਿਆ ਅਪਨਾਉਣ ਤੋਂ ਬਿਨਾਂ ਹੀ ਭਾਰਤ ਦਾ ਸੰਵਿਧਾਨ ਮੁੜ ਲਿਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਫੈਸਲੇ ਨੂੰ ਇਸ ਆਪਹੁਦਰੇ ਢੰਗ ਨਾਲ ਨਹੀਂ ਥੋਪਿਆ ਜਾਣਾ ਚਾਹੀਦਾ ਸੀ।