ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬ 'ਚ ਹਾਈ ਅਲਰਟ, ਕੈਪਟਨ ਵਲੋਂ ਸਖਤ ਨਿਰਦੇਸ਼

08/17/2019 9:22:41 AM

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਹਾਈ ਅਲਰਟ ਜਾਰੀ ਕਰਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ 'ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਚਿਤਾਵਨੀ ਦੇ ਸੰਦਰਭ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਅਗਲੇ 2-3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਨਾਲ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਸੂਰਤ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ। ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਖੁਦ ਵੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਮਾਲ ਵਿਭਾਗ, ਡਰੇਨੇਜ਼, ਸਿਹਤ, ਖੁਰਾਕ ਅਤੇ ਪਸ਼ੂ ਧਨ ਵਿਭਾਗਾਂ ਦੇ ਫੀਲਡ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਭਾਰੀ ਮੀਂਹ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਵੀ ਕਾਰਜ ਯੋਜਨਾ ਤਿਆਰ ਰੱਖਣ ਲਈ ਆਖਿਆ ਤਾਂ ਜੋ ਲੋੜ ਪੈਣ 'ਤੇ ਇਸ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾ ਸਕੇ। ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਫੀਲਡ ਅਧਿਕਾਰੀਆਂ ਨੂੰ ਆਪੋ-ਆਪਣੇ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ ਦਿੱਤੇ ਹਨ।

Babita

This news is Content Editor Babita