ਕੈਪਟਨ ਨੇ ਪਰਾਲੀ ਨਾ ਸਾੜਨ ਦੇ ਬਦਲੇ ਕੇਂਦਰ ਤੋਂ ਮੁਆਵਜ਼ਾ ਮੰਗਿਆ

Thursday, Sep 26, 2019 - 11:31 AM (IST)

ਕੈਪਟਨ ਨੇ ਪਰਾਲੀ ਨਾ ਸਾੜਨ ਦੇ ਬਦਲੇ ਕੇਂਦਰ ਤੋਂ ਮੁਆਵਜ਼ਾ ਮੰਗਿਆ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ 'ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿਚ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਇਸ ਰਾਸ਼ੀ ਨਾਲ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਢੁੱਕਵਾਂ ਪ੍ਰਬੰਧ ਕਰ ਸਕਣ।
ਮੁੱਖ ਮੰਤਰੀ ਨੇ ਲਿਖਿਆ ਹੈ ਕਿ ਸੂਬੇ ਵਿਚ ਝੋਨੇ ਦੀ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਗਲੇ 10 ਦਿਨਾਂ ਵਿਚ ਇਹ ਕੰਮ ਪੂਰੇ ਸਿਖਰ 'ਤੇ ਪਹੁੰਚ ਜਾਵੇਗਾ। ਇਸ ਸੀਜ਼ਨ ਦੌਰਾਨ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਨੂੰ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਢੁੰਕਵਾਂ ਪ੍ਰਬੰਧ ਕਰਨ ਦੀ ਚੁਣੌਤੀ ਦਰਪੇਸ਼ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਵਾਢੀ ਤੋਂ ਬਾਅਦ ਅਗਲੀ ਹਾੜ੍ਹੀ ਦੀ ਫ਼ਸਲ ਦੀ ਬੀਜਾਈ ਲਈ ਸਮਾਂ ਘੱਟ ਹੋਣ ਕਾਰਣ ਕਿਸਾਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਲਾਗਤ ਬਚਾਉਣ ਲਈ ਇਸ ਪਰਾਲੀ ਨੂੰ ਸਾੜਨ ਦਾ ਸਹਾਰਾ ਲੈਂਦੇ ਹਨ। ਕਿਸਾਨ ਨੂੰ ਮਸ਼ੀਨਾਂ ਰਾਹੀਂ ਪਰਾਲੀ ਦੇ ਪ੍ਰਬੰਧਨ ਕਰਨ ਲਈ ਪ੍ਰਤੀ ਏਕੜ 2500 ਤੋਂ 3000 ਰੁਪਏ ਤੱਕ ਦਾ ਵਾਧੂ ਖਰਚਾ ਕਰਨਾ ਪੈਂਦਾ ਹੈ, ਜੋ ਕਿ ਉਹ ਬਰਦਾਸ਼ਤ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਪਿਛਲੇ ਸਾਲ 50 ਤੋਂ 80 ਫੀਸਦੀ ਸਬਸਿਡੀ ਨਾਲ 28000 ਮਸ਼ੀਨਾਂ ਮੁਹੱਈਆ ਕਰਵਾਈਆਂ ਸਨ ਜਦਕਿ ਇਸ ਸਾਲ 26000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨਾਂ ਨੂੰ ਜ਼ਮੀਨੀ ਪੱਧਰ 'ਤੇ ਪਰਾਲੀ ਨਾ ਸਾੜਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਆਰੰਭੀ ਹੋਈ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਸਾਲ ਸਤੰਬਰ ਵਿਚ ਵੀ ਪ੍ਰਧਾਨ ਮੰਤਰੀ ਨਾਲ ਕਿਸਾਨਾਂ ਨੂੰ ਮੁਆਵਜ਼ੇ ਦੀ ਅਜਿਹੀ ਹੀ ਮੰਗ ਉਠਾਈ ਸੀ।


author

Babita

Content Editor

Related News