ਕੈਪਟਨ ਦਾ ਵੱਡਾ ਐਲਾਨ, ''ਪੰਜਾਬ ਦੇ ਨੌਜਵਾਨਾਂ ਨੂੰ ਤਰੱਕੀ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਗਾਂ''

01/10/2020 8:47:31 AM

ਚੰਡੀਗੜ੍ਹ : 'ਸਾਡਾ ਨਾਅਰਾ, ਕੈਪਟਨ ਦੁਬਾਰਾ' ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਉਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ 'ਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ। ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸੀ ਮੈਂਬਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਸੂਬੇ ਦੀ ਇਸ ਦੀ ਤਰੱਕੀ ਤੇ ਵਿਕਾਸ ਲਈ ਇਸ ਨੂੰ ਆਪਣੀ ਅਗਵਾਈ ਦੇਣੀ ਜਾਰੀ ਰੱਖਣਗੇ।
ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਦੌਰਾਨ ਨਾਅਰਿਆਂ ਦੀ ਗੂੰਜ 'ਚ ਮੁੱਖ ਮੰਤਰੀ ਨੇ ਤਹੱਈਆ ਕਰਦਿਆਂ ਕਿਹਾ,”ਇਹ ਮੇਰਾ ਸੂਬਾ ਹੈ ਅਤੇ ਤੁਸੀਂ ਸਾਰੇ ਮੇਰੇ ਆਪਣੇ ਲੋਕ ਹੋ। ਮੈਂ ਤੁਹਾਡੀ ਖਾਤਰ ਸਦਾ ਇੱਥੇ ਹੀ ਰਹਾਂਗਾ ਅਤੇ ਤਦ ਤੱਕ ਕਿਤੇ ਨਹੀਂ ਜਾਵਾਂਗਾ, ਜਦੋਂ ਤੱਕ ਪੰਜਾਬ ਦੇ ਹਰੇਕ ਨਾਗਰਿਕ ਦੀ ਭਲਾਈ ਨੂੰ ਯਕੀਨੀ ਨਹੀਂ ਬਣਾ ਲੈਂਦਾ।”ਬਹੁਤੇ ਨੌਜਵਾਨ ਤਾਂ ਇਹ ਮੰਗ ਕਰਦੇ ਵੀ ਸੁਣੇ ਗਏ ਕਿ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਹੋਰ ਕਈ ਵਾਰ ਸੂਬੇ ਦੀ ਵਾਂਗਡੋਰ ਸੰਭਾਲਦੇ ਰਹਿਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਪੂਰਾ ਸਮਰਥਨ ਦੇਵੇਗੀ। ਉਨ੍ਹਾਂ ਨੇ ਨੌਜਵਾਨ ਆਗੂਆਂ ਨਾਲ ਵਾਅਦਾ ਕੀਤਾ ਕਿ ਸੂਬੇ ਅਤੇ ਇੱਥੋਂ ਦੇ ਨੌਜਵਾਨਾਂ ਦੇ ਹਿੱਤ ਵਿੱਚ ਕਿਸੇ ਵੀ ਕੰਮ ਲਈ ਉਨ੍ਹਾਂ ਨੂੰ ਸਾਰੇ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਹੋਰਾਂ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮੁਲਕ ਦੀ ਰਾਖੀ ਅਤੇ ਜਮਹੂਰੀਅਤ ਤੇ ਧਰਮ ਨਿਰਪੇਖ ਸੰਵਿਧਨਾਕ ਕਦਰਾਂ-ਕੀਮਤਾਂ ਦੀ ਸੁਰੱਖਿਆ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਸੂਬੇ ਦੀ ਮੌਜੂਦਾ ਸਥਿਤੀ ਨੂੰ ਬਹੁਤ ਹੀ ਚਿੰਤਾਜਨਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਧਰਮ ਨਿਰਪੇਖ ਅਤੇ ਜਮਹੂਰੀ ਸ਼ਾਸਨ ਮੁਹੱਈਆ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੁਲਕ ਦੀ ਆਜ਼ਾਦੀ ਲਈ ਲੜਾਈ ਲੜੀ ਅਤੇ ਸੰਵਿਧਾਨ ਨੂੰ ਸਮਾਜਵਾਦੀ ਜਮਹੂਰੀ ਗਣਤੰਤਰ ਦੀ ਪ੍ਰਸਤਾਵਨਾ ਦੇ ਆਧਾਰ 'ਤੇ ਤਿਆਰ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਵਿੱਚ ਕਈ ਵਾਰ ਸੋਧਾਂ ਕੀਤੀਆਂ ਗਈਆਂ ਪਰ ਸੰਵਿਧਾਨ ਦੀ ਪ੍ਰਸਤਾਵਨਾ ਸਦਾ ਹੀ ਅਣਛੋਹੀ ਰਹੀ ਹੈ।


Babita

Content Editor

Related News