ਕੈਪਟਨ ਨੇ ਫਸਲਾਂ ਨੂੰ ਹੋਏ ਨੁਕਸਾਨ ਨੂੰ ਦੇਖਦੇ ਹੋਏ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Sunday, Mar 08, 2020 - 01:02 PM (IST)

ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਬੇਮੌਸਮੀ ਵਰਖਾ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਪਿਛਲੇ 2-3 ਦਿਨਾਂ ਤੋਂ ਹੋ ਰਹੀ ਵਰਖਾ ਕਾਰਣ ਖੇਤਾਂ 'ਚ ਖੜ੍ਹੀ ਕਣਕ ਦੀ ਫਸਲ ਨੂੰ ਨੁਕਸਾਨ ਪੁੱਜਾ, ਜਿਸ 'ਤੇ ਮੁੱਖ ਮੰਤਰੀ ਨੇ ਆਪਣੇ ਤੌਰ 'ਤੇ ਕਦਮ ਚੁੱਕਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਅਨੁਸਾਰ ਉਨ੍ਹਾਂ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਬਾਰੇ ਮੁੱਢਲੀਆਂ ਰਿਪੋਰਟਾਂ ਸੋਮਵਾਰ ਤਕ ਸਰਕਾਰ ਨੂੰ ਪਹੁੰਚਾ ਦੇਣ। ਸਰਕਾਰ ਕਿਸਾਨਾਂ ਦੀ ਸਹਾਇਤਾ ਕਰਨਾ ਆਪਣਾ ਫਰਜ਼ ਸਮਝਦੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ। ਬੇਮੌਸਮੀ ਵਰਖਾ ਨਾਲ ਰਾਜ ਦੇ ਕੁਝ ਵਿਸ਼ੇਸ਼ ਇਲਾਕਿਆਂ 'ਚ ਫਸਲਾਂ ਨੂੰ ਨੁਕਸਾਨ ਪੁੱਜਣ ਦੀਆਂ ਰਿਪੋਰਟਾਂ ਉਨ੍ਹਾਂ ਤਕ ਪਹੁੰਚੀਆਂ ਹਨ ਅਤੇ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀਆਂ ਅੰਤਿਮ ਰਿਪੋਰਟਾਂ ਮਿਲਣ ਤੋਂ ਬਾਅਦ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਵੀ ਦਿੱਤਾ ਜਾਵੇਗਾ। ਕਿਸਾਨ ਸੀਜ਼ਨ 'ਚ ਆਪਣੀਆਂ ਫਸਲਾਂ ਨੂੰ ਸੰਭਾਲਣ ਲਈ ਸਖਤ ਮਿਹਨਤ ਕਰਦਾ ਹੈ, ਪਰ ਕੁਦਰਤ ਅੱਗੇ ਉਹ ਬੇਵੱਸ ਹੁੰਦਾ ਹੈ। ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਜਦੋਂ-ਜਦੋਂ ਖਰਾਬ ਮੌਸਮ ਕਾਰਨ ਨੁਕਸਾਨ ਸਹਿਣਾ ਪੈਂਦਾ ਰਿਹਾ ਹੈ ਤਾਂ ਉਨ੍ਹਾਂ ਦੀ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੰਦੀ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਫਤਰ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਜ਼ੋਰ ਦੇ ਕੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਬਣਾ ਕੇ ਰੱਖਣ ਤਾਂ ਕਿ ਵਿਸ਼ੇਸ਼ ਗਿਰਦਾਵਰੀ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾ ਸਕੇ।


shivani attri

Content Editor

Related News