ਸਿਆਸਤ ਤੋਂ ਅਜੇ ਰਿਟਾਇਰ ਨਹੀਂ ਹੋਣਗੇ ''ਕੈਪਟਨ'', ਮੀਡੀਆ ਸਾਹਮਣੇ ਕੀਤਾ ਵੱਡਾ ਐਲਾਨ
Monday, Mar 16, 2020 - 04:41 PM (IST)
 
            
            ਚੰਡੀਗੜ੍ਹ : ਪੰਜਾਬ 'ਚ ਕਾਂਗਰਸ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਵਨ 'ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕੈਪਟਨ ਨੇ ਮੀਡੀਆ ਸਾਹਮਣੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਅਜੇ ਸਿਆਸਤ ਤੋਂ ਰਿਟਾਇਰ ਨਹੀਂ ਹੋਣਗੇ ਕਿਉਂਕਿ ਉਹ ਖੁਦ ਨੂੰ ਅਜੇ ਬੁੱਢਾ ਨਹੀਂ ਮੰਨਦੇ, ਇਸੇ ਲਈ ਉਹ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ।

ਕੈਪਟਨ ਦੇ ਇਸ ਐਲਾਨ ਦੇ ਨਾਲ ਹੀ ਉਨ੍ਹਾਂ ਦੇ ਰਿਟਾਇਰਮੈਂਟ ਲੈਣ ਦੀਆਂ ਖਬਰਾਂ ਦਾ ਭੋਗ ਪੈ ਗਿਆ ਅਤੇ ਕਈ ਸੀਨੀਅਰ ਕਾਂਗਰਸੀ ਨੇਤਾਵਾਂ ਦੇ ਸੁਪਨੇ ਵੀ ਟੁੱਟ ਗਏ। ਹਾਲਾਂਕਿ ਕੈਪਟਨ ਨੇ ਪਿਛਲੀਆਂ ਚੋਣਾਂ ਦੌਰਾਨ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਇਸ ਤੋਂ ਬਾਅਦ ਲੋਕਾਂ ਨੂੰ ਲੱਗਿਆ ਸੀ ਕਿ ਸ਼ਾਇਦ ਹੁਣ ਕੈਪਟਨ ਚੋਣਾਂ 'ਚ ਖੜ੍ਹੇ ਨਹੀਂ ਹੋਣਗੇ ਪਰ ਅੱਜ ਦੇ ਉਨ੍ਹਾਂ ਦੇ ਐਲਾਨ ਨੇ ਸਾਬਿਤ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਸਿਆਸੀ ਸਫਰ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਇੰਝ ਸਿਆਸਤ 'ਚ ਆਏ ਸੀ ਕੈਪਟਨ ਅਮਰਿੰਦਰ ਸਿੰਘ, ਛੱਡੀ ਸੀ ਫੌਜ ਦੀ ਨੌਕਰੀ
ਦੱਸ ਦੇਈਏ ਕਿ ਪੰਜਾਬ 'ਚ ਕਾਂਗਰਸ ਸਰਕਾਰ ਨੂੰ 3 ਸਾਲ ਪੂਰੇ ਹੋ ਗਏ ਹਨ। 17 ਮਾਰਚ, 2017 ਦੇ ਦਿਨ ਪੰਜਾਬ 'ਚ ਕਾਂਗਰਸ ਸਰਕਾਰ ਨੇ ਆਪਣੀ ਕਮਾਨ ਸੰਭਾਲੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਸਰਕਾਰ ਦੇ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਹੀ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜਨਗੇ।

'ਮੈਂ ਪੁਰਾਣਾ ਫੌਜੀ, ਕਿਸੇ ਨੂੰ ਨਹੀਂ ਛੱਡਾਂਗਾ'
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ ਗੈਂਗਸਟਰਾਂ ਅਤੇ ਰੇਤ, ਡਰੱਗ, ਟਰਾਂਸਪੋਰਟ ਮਾਫੀਆ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਇਕ ਪੁਰਾਣੇ ਫੌਜੀ ਹਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਉਹ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਦਾ ਮਾਫੀਆ ਨਹੀਂ ਚੱਲਣ ਦੇਣਗੇ। ਕੈਪਟਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੇ-ਵੱਡੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਭਾਰੀ ਮਾਤਰਾ 'ਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਟਾਰਗੇਟ ਕਿਲਿੰਗ ਦੇ ਮਾਮਲਿਆਂ ਨੂੰ ਸੁਲਝਾਇਆ ਹੈ। ਕੈਪਟਨ ਨੇ ਕਿਹਾ ਕਿ ਜੇਕਰ ਕੋਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਹ ਖੁਦ ਉਸ ਨਾਲ ਨਜਿੱਠ ਲੈਣਗੇ।
ਇਹ ਵੀ ਪੜ੍ਹੋ : ਕੈਪਟਨ ਵਲੋਂ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼, ਗੈਂਗਸਟਰਾਂ ਤੇ ਮਾਫੀਆ ਨੂੰ ਦਿੱਤੀ ਵੱਡੀ ਚਿਤਾਵਨੀ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            