ਕੈਪਟਨ ਨੇ ਚਿੱਠੀ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

Tuesday, Apr 07, 2020 - 02:28 PM (IST)

ਕੈਪਟਨ ਨੇ ਚਿੱਠੀ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਕ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ 5 ਅਪ੍ਰੈਲ ਨੂੰ ਲਿਖੇ ਪੱਤਰ 'ਚ ਚੁੱਕੇ ਮਸਲਿਆਂ ’ਤੇ ਸੂਬਾ ਸਰਕਾਰ ਪਹਿਲਾਂ ਦੀ ਅਸਰਦਾਰ ਢੰਗ ਨਾਲ ਕਦਮ ਚੁੱਕ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਮੰਗ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੂਬਾ ਇਕ ਮੁਸ਼ਕਲ ਦੌਰ 'ਚੋਂ ਲੰਘ ਰਿਹਾ ਹੈ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਸਾਰਾ ਜਨ-ਜੀਵਨ ਉਥਲ-ਪੁਥਲ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਹਮਣੇ ਇਹ ਇਕ ਬਹੁਤ ਵੱਡੀ ਚੁਣੌਤੀ ਹੈ, ਜਿਸ ਖਿਲਾਫ ਲੜੀ ਜਾ ਰਹੀ ਲੜਾਈ ਐਨ ਸਿਖਰ ’ਤੇ ਚੱਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਸਮੁੱਚਾ ਪ੍ਰਸ਼ਾਸਨ, ਗੈਰ-ਸਰਕਾਰੀ ਸਮਾਜਿਕ ਅਦਾਰੇ, ਧਾਰਮਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨਾਲ-ਨਾਲ ਪੰਜਾਬ ਦਾ ਹਰ ਨਾਗਰਿਕ ਇਸ ਮੁਹਿੰਮ 'ਚ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾੜ੍ਹੀ ਦੀ ਫਸਲ ਦੀ ਵਢਾਈ ਅਤੇ ਉਸ ਦੀ ਖਰੀਦ ਇਕ ਹੋਰ ਵੱਡੀ ਚਣੌਤੀ ਸਾਡੇ ਸਾਹਮਣੇ ਹੈ, ਜਿਸ ਨਾਲ ਨਜਿੱਠਣ ਵਾਸਤੇ ਰਾਜ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧਾਂ ਦੀ ਤਿਆਰੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ।

ਸਾਉਣੀ ਦੀ ਬਿਜਾਈ ਲਈ ਵੀ ਢੁਕਵੇਂ ਪ੍ਰਬੰਧ ਕਰਨੇ ਹੋਣਗੇ ਅਤੇ ਸਾਡੀ ਆਰਥਿਕਤਾ ਇਨ੍ਹਾਂ ਦੋਵਾਂ ਫਸਲਾਂ ਦੀ ਬਿਹਤਰ ਸੰਭਾਲ ’ਤੇ ਨਿਰਭਰ ਕਰਦੀ ਹੈ । ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸੰਕਟ ਅਤੇ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਕਿਸੇ ਵੀ ਹੋਰ ਮਸ਼ਵਰੇ ਦਾ ਉਹ ਸਵਾਗਤ ਕਰਨਗੇ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਾਰੇ ਅਜਿਹੇ ਸੁਝਾਵਾਂ ’ਤੇ ਉਹ ਪੂਰੀ ਸੰਜੀਦਗੀ ਨਾਲ ਵਿਚਾਰ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਇਸ ਜਾਨਲੇਵਾ ਰੋਗ ਨੂੰ ਕਾਬੂ 'ਚ ਕਰਨ ਲਈ ਸੂਬਾ ਸਰਕਾਰ ਨੂੰ ਆਪਣਾ ਪੂਰਨ ਸਮਰਥਨ ਅਤੇ ਸਹਿਯੋਗ ਦੇਣਾ ਜਾਰੀ ਰੱਖੇਗਾ।


author

Babita

Content Editor

Related News