ਕੈਪਟਨ ਦਾ ਐਲਾਨ, ''ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਕਿਸੇ ਵੀ ਕੀਮਤ ''ਤੇ ਬੰਦ ਨਹੀਂ ਹੋਵੇਗੀ''

05/30/2020 5:52:40 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮਿਲ ਰਹੀ ਮੁਫਤ ਬਿਜਲੀ ਦੀ ਸਪਲਾਈ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਅਜਿਹਾ ਕਰਨ ਬਾਰੇ ਕਦੇ ਸੋਚਿਆ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਉਹ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਸਮਝਦੇ ਹਨ ਅਤੇ ਆਪਣੀ ਅਣਥੱਕ ਮਿਹਨਤ ਨਾਲ ਦੇਸ਼ ਦਾ ਢਿੱਡ ਭਰਨ ਲਈ ਅਨਾਜ ਉਗਾਉਣ 'ਤੇ ਉਹ ਕਿਸਾਨਾਂ ਦੀ ਸ਼ਲਾਘਾ ਕਰਦੇ ਹਨ।

ਇਹ ਵੀ ਪੜ੍ਹੋ : ਸਮਰਾਲਾ 'ਚ ਵੱਡੀ ਵਾਰਦਾਤ, ਭੈਣ-ਭਰਾ ਨੇ ਕੀਤੀ ਖੁਦਕੁਸ਼ੀ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਸਦਕਾ ਹੀ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੀ ਪੈਦਾਵਾਰ ਹੁੰਦੀ ਹੈ। ਕੈਪਟਨ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੌਜੂਦਾ ਆਰਥਿਕ ਹਾਲਤ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਹੁਣ ਕੈਪਟਨ ਦੇ ਇਸ ਐਲਾਨ ਮਗਰੋਂ ਪੰਜਾਬ 'ਚ ਮੁਫਤ ਬਿਜਲੀ ਸਪਲਾਈ ਬੰਦ ਹੋਣ ਦੇ ਪਏ ਰੌਲੇ-ਰੱਪੇ 'ਤੇ ਵਿਸ਼ਰਾਮ ਲੱਗਣ ਦੀ ਸੰਭਾਵਨਾ ਬਣ ਗਈ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬੀਤੇ ਦਿਨੀਂ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਅਹਿਮ ਫੈਸਲਾ ਲਿਆ ਗਿਆ ਸੀ ਕਿ ਸੂਬੇ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦੀ ਬਜਾਏ ਸਿੱਧਾ ਲਾਭ ਤਬਦੀਲੀ (ਡੀ. ਬੀ. ਟੀ.) ਰਾਹੀਂ ਫੰਡ ਟਰਾਂਸਫਰ ਕੀਤੇ ਜਾਣਗੇ। ਭਾਵ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਥਾਂ ਉਨ੍ਹਾਂ ਦੇ ਖਾਤੇ 'ਚ ਪੈਸੇ ਪਾ ਦਿੱਤੇ ਜਾਣਗੇ। ਇਸ ਤੋਂ ਬਾਅਦ ਕਿਸਾਨਾਂ ਅਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਖਿਲਾਫ ਕਿਹਾ ਗਿਆ ਸੀ ਕਿ ਇਹ ਸਰਕਾਰ ਦੀ ਅਸਿੱਧੇ ਤੌਰ 'ਤੇ ਕਿਸਾਨਾਂ ਦੀ ਮੁਫਤ ਬਿਜਲੀ ਦੀ ਸਹੂਲਤ ਬੰਦ ਕਰਨ ਦਾ ਪਹਿਲਾ ਕਦਮ ਹੈ ਪਰ ਹੁਣ ਕੈਪਟਨ ਦੇ ਐਲਾਨ ਤੋਂ ਬਾਅਦ ਇਸ ਵਿਰੋਧ ਦੀ ਸੰਭਾਵਨਾ ਘੱਟ ਗਈ ਹੈ। 
ਇਹ ਵੀ ਪੜ੍ਹੋ : "ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ"

Babita

This news is Content Editor Babita