ਕੈਪਟਨ ਨੇ ਕੇਂਦਰੀ ਖੇਤੀਬਾੜੀ ਕਾਨੂੰਨ ਸਬੰਧੀ 24 ਨੂੰ ਬੁਲਾਈ ਸਰਬ ਪਾਰਟੀ ਬੈਠਕ
Sunday, Jun 21, 2020 - 10:08 AM (IST)
ਚੰਡੀਗੜ੍ਹ (ਅਸ਼ਵਨੀ,ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨ ’ਤੇ 24 ਜੂਨ ਬੁੱਧਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਣ ਵਾਲੀ ਇਸ ਬੈਠਕ 'ਚ ਨਵੇਂ ਕਾਨੂੰਨ ਨਾਲ ਪੰਜਾਬ ਦੇ ਕਿਸਾਨਾਂ ’ਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਹੋਵੇਗੀ ਅਤੇ ਕਾਨੂੰਨ ਦੇ ਵਿਰੋਧ ’ਤੇ ਸਰਵ ਸੰਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਂਝ ਕਾਂਗਰਸ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸ ਚੁੱਕੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤਾਂ ਇਸ ਨੂੰ ਕਾਲਾ ਕਾਨੂੰਨ ਕਰਾਰ ਦੇ ਚੁੱਕੇ ਹਨ। ਇਸੇ ਕੜੀ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਖੇਤੀਬਾੜੀ ਖੇਤਰ ਦੇ ਤਿੰਨਾਂ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਦੇ ਹੱਕ ’ਚ ਕਾਂਗਰਸ ਨੇ ਪੂਰੇ ਸੂਬੇ 'ਚ ਇਸ ਨਵੇਂ ਕਾਨੂੰਨ ਦੇ ਵਿਰੋਧ ’ਚ ਲੋਕ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਇਸ ਕੜੀ 'ਚ ਹੁਣ ਕਾਂਗਰਸ ਸਰਕਾਰ ਸਾਰੀਆਂ ਪਾਰਟੀਆਂ ਨਾਲ ਬੈਠਕ ਕਰਨ ਦੀ ਤਿਆਰੀ 'ਚ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨਿੱਜੀ ਹਸਪਤਾਲਾਂ 'ਚ ਕੋਵਿਡ ਦੇ ਇਲਾਜ ਦੀਆਂ ਕੀਮਤਾਂ ਕਰੇਗੀ ਤੈਅ
ਇਸੇ ਮਹੀਨੇ ਐਲਾਨੀ ਜਾਵੇਗੀ ਪੰਜਾਬ ਕਾਂਗਰਸ ਦੀ ਨਵੀਂ ਕਾਰਜਕਾਰਨੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਇਸ ਮਹੀਨੇ ਕਰ ਦਿੱਤਾ ਜਾਵੇਗਾ। ਇਸ ਸਬੰਧੀ ਪ੍ਰਦੇਸ਼ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਬੈਠਕ ਕੀਤੀ। ਬੈਠਕ 'ਚ ਕਾਰਜਕਾਰਨੀ ਦੇ ਅਹੁਦੇਦਾਰਾਂ ਦੇ ਨਾਂ ਫਾਈਨਲ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਅਗਲੇ ਇਕ-ਦੋ ਦਿਨਾਂ 'ਚ ਇਨ੍ਹਾਂ ਨਾਵਾਂ ’ਤੇ ਕਾਂਗਰਸ ਹਾਈਕਮਾਨ ਦੀ ਮੋਹਰ ਲੱਗ ਜਾਵੇਗੀ ਅਤੇ ਅਗਲੇ ਹਫ਼ਤੇ ਤੱਕ ਪਹਿਲੀ ਸੂਚੀ ਐਲਾਨ ਦਿੱਤੀ ਜਾਵੇਗੀ। ਇਸ ਮਹੀਨੇ ਦੇ ਅੰਤ ਤੱਕ ਪੂਰੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਜਾਵੇਗਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜਨਵਰੀ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਕਾਰਜਕਾਰਣੀ ਨੂੰ ਭੰਗ ਕਰ ਦਿੱਤਾ ਸੀ । ਉਦੋਂ ਤੋਂ ਹੀ ਨਵੀਂ ਕਾਰਜਕਾਰਣੀ ਦੇ ਗਠਨ ਨੂੰ ਲੈ ਕੇ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਧ ਰਿਹੈ ਕੋਰੋਨਾ, 24 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ