ਚਿੱਟਾ ਲੈਣ ਵਾਲੇ ASI ਦੀ ਵੀਡੀਓ ਮਾਮਲੇ ''ਤੇ ''ਕੈਪਟਨ'' ਸਖ਼ਤ, ਡੀ. ਜੀ. ਪੀ. ਨੂੰ ਦਿੱਤੇ ਨਿਰਦੇਸ਼
Saturday, Aug 22, 2020 - 01:23 PM (IST)

ਚੰਡੀਗੜ੍ਹ (ਅਸ਼ਵਨੀ) : ਸੋਸ਼ਲ ਮੀਡੀਆ ’ਤੇ ਚਿੱਟਾ ਲੈਂਦੇ ਹੋਏ ਦਿਖਾਏ ਤਰਨਤਾਰਨ ਦੇ ਇਕ ਏ. ਐੱਸ. ਆਈ. ਦੇ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤੀ ਦਿਖਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਡੀ. ਜੀ. ਪੀ. ਨੂੰ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ ਹੈ, ਜਿਸ 'ਚ ਏ. ਐੱਸ. ਆਈ. ਦੀ ਬਰਖ਼ਾਸਤਗੀ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਜਿਹੀਆਂ ਗੈਰ ਅਨੁਸ਼ਾਸਨੀ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਦੇ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੋਣ ਬਾਰੇ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ 'ਚ ਛੇਤੀ ਫ਼ਸਲ ਲਿਆਉਣਾ ਨੁਕਸਾਨਦਾਇਕ ਹੋਵੇਗਾ ਕਿਉਂਕਿ ਫ਼ਸਲ ਚੰਗੀ ਤਰ੍ਹਾਂ ਪੱਕੀ ਨਹੀਂ ਹੋਵੇਗੀ। ਆਪਣੇ ਫ਼ੇਸਬੁੱਕ ਲਾਈਵ ਪ੍ਰੋਗਰਾਮ ‘ਕੈਪਟਨ’ ਦੌਰਾਨ ਸਮਰਾਲਾ ਦੇ ਇਕ ਵਸਨੀਕ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਢੀ ਉਦੋਂ ਹੀ ਕੀਤੀ ਜਾਵੇ, ਜਦੋਂ ਤੱਕ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇ।
ਅੰਮ੍ਰਿਤਸਰ ਦੇ ਇਕ ਵਾਸੀ ਦੇ ਸਵਾਲ ਕਿ ਪੰਜਾਬ ਦੀਆਂ ਸਬਜ਼ੀਆਂ ਦੇਸ਼ ਦੇ ਹੋਰ ਹਿੱਸਿਆਂ 'ਚ ਭੇਜਣ ਲਈ ਵਿਸ਼ੇਸ਼ ਉਡਾਣਾਂ ਸ਼ੁਰੂ ਕਰਨ ਅਤੇ ਆਪਣੀ ਪਿਛਲੀ ਸਰਕਾਰ ਦੌਰਾਨ ਕੀਤੇ ਵਾਅਦੇ ਕਿ ਸਿੱਧੀ ਖ਼ਰੀਦ ਲਈ ਉਦਯੋਗਾਂ ਨਾਲ ਸਮਝੌਤਾ ਕਰਨ ਦੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਯਕੀਨਨ ਇਸ ਮਸਲੇ ’ਤੇ ਗੌਰ ਕਰਨਗੇ।