ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 1 ਲੱਖ ਨੌਕਰੀਆਂ ਦੇਵੇਗੀ ਸਰਕਾਰ, ਕੈਪਟਨ ਨੇ ਕੀਤਾ ਐਲਾਨ
Wednesday, Oct 07, 2020 - 10:22 AM (IST)
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਨੌਜਵਾਨਾਂ ਨੂੰ ਇਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ, ਜਿਨ੍ਹਾਂ 'ਚੋਂ 50,000 ਭਰਤੀਆਂ ਮਾਰਚ-2021 ਤੱਕ ਅਤੇ ਬਾਕੀ 50,000 ਭਰਤੀਆਂ ਕਾਰਜਕਾਲ ਦੇ ਅਖ਼ੀਰ ਤੱਕ ਕੀਤੀਆਂ ਜਾਣਗੀਆਂ। ਕੈਪਟਨ ਅਮਰਿੰਦਰ ਸਿੰਘ ਪਟਿਆਲੇ ਤੋਂ ਛੇਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ’ਤੇ ਇਕ ਵਰਚੁਅਲ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਦਾਖ਼ਲ ਹੋਣ ਵਾਲੇ 'ਮੁਸਾਫ਼ਰਾਂ' ਸਬੰਧੀ ਸਰਕਾਰ ਨੇ ਵਾਪਸ ਲਏ ਹੁਕਮ
ਉਨ੍ਹਾਂ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ’ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਚੋਣ ਮਨੋਰਥ ਪੱਤਰ 'ਚ ਸ਼ਾਮਲ ਕਰਨ ਲਈ ਮਾਰਗ ਦਰਸ਼ਨ ਕਰਨ ਵਾਸਤੇ ਰਾਹੁਲ ਗਾਂਧੀ ਦਾ ਧੰਨਵਾਦ ਵੀ ਕੀਤਾ। ਕੈਪਟਨ ਅਮਰਿੰਦਰ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਉਨ੍ਹਾਂ ਦੀ ਸਰਕਾਰ ਨੇ ਸਕੀਮ ਦੇ ਤਹਿਤ ਪਿਛਲੇ 3.5 ਸਾਲਾਂ 'ਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਸੇਵਾਵਾਂ ਰਾਹੀਂ 13.42 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਲੱਖਾਂ 'ਦਲਿਤ ਵਿਦਿਆਰਥੀਆਂ' ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਕਰ ਸਕਣਗੇ ਉੱਚ ਪੜ੍ਹਾਈ
ਉਨ੍ਹਾਂ ਦੱਸਿਆ ਕਿ ਇਨਾਂ 'ਚੋਂ 50,000 ਸਰਕਾਰੀ ਅਤੇ 4.04 ਲੱਖ ਪ੍ਰਾਈਵੇਟ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ, ਇਸ ਤੋਂ ਇਲਾਵਾ ਲਗਭਗ 8.80 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਹੂਲਤਾਵਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਮਾਈਕ੍ਰੋਸਾਫਟ ਵਰਗੇ ਉੱਘੇ ਬਹੁ-ਰਾਸ਼ਟਰੀ ਕਾਰਪੋਰੇਟ ਅਤੇ ਟ੍ਰਾਈਡੈਂਟ, ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਐਚ. ਪੀ. ਸੀ.ਐਲ.-ਮਿੱਤਲ ਐਨਰਜੀ ਲਿਮਟਿਡ), ਬਠਿੰਡਾ ਸਮੇਤ ਭਾਰਤ ਦੀਆਂ ਹੋਰ ਪ੍ਰਾਈਵੇਟ ਕੰਪਨੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਚੰਡੀਗੜ੍ਹ ਜਾਣ ਵਾਲੇ ਮੁਸਾਫ਼ਰਾਂ ਲਈ ਚੰਗੀ ਖ਼ਬਰ
ਇਸ ਵਿਲੱਖਣ ਸਕੀਮ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੀ ਸਹੂਲਤ ਮੁਹੱਈਆ ਕਰਵਾਉਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਦੀ ਤਾਰੀਫ਼ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਹਰੇਕ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰੇ। ਨੌਜਵਾਨਾਂ ਨੂੰ ਵੱਡੀ ਪੂੰਜੀ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਉਨ੍ਹਾਂ ਦੀ ਕਿਸਮਤ ਨੂੰ ਬਦਲ ਸਕਦੇ ਹਨ ਅਤੇ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾ ਸਕਦੇ ਹਨ ਪਰ ਅਜਿਹਾ ਨਾ ਹੋਣ ਦੀ ਸੂਰਤ 'ਚ ਇਹ ਜਵਾਨੀ ਦੁਖਾਂਤ ਵੱਲ ਚਲੀ ਜਾਵੇਗੀ। ਉਨ੍ਹਾਂ ਨੇ ਪੰਜਾਬ ਨੂੰ ਮਿਹਨਤਕਸ਼, ਸ਼ਾਂਤਮਈ ਅਤੇ ਹੁਨਰਮੰਦ ਕਾਮਿਆਂ ਵਾਲਾ ਮੋਹਰੀ ਸੂਬਿਆ ਦੱਸਿਆ।