ਕੈਪਟਨ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Saturday, Oct 24, 2020 - 04:30 PM (IST)

ਕੈਪਟਨ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ 700 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਵਰਚੁਅਲ ਢੰਗ ਨਾਲ ਨੀਂਹ ਪੱਥਰ ਰੱਖ ਕੇ 11,000 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ. ਈ. ਆਈ. ਪੀ) ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ ਵਿਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਬਕਾਇਆ ਵੈਟ ਮੁਲਾਂਕਣਾਂ ਲਈ ਇਕਮੁਸ਼ਤ ਨਿਪਟਾਰੇ ਦੀ ਨੀਤੀ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਹੀ 167 ਸ਼ਹਿਰੀ ਸਥਾਨਕ ਸਰਕਾਰਾਂ ਦੇ ਕਸਬਿਆਂ ਵਿੱਚ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਆਬਕਾਰੀ ਦੇ ਕਰ ਮਹਿਕਮੇ ਵੱਲੋਂ ਛੇਤੀ ਹੀ ਇੱਕ ਸਕੀਮ ਨੋਟੀਫਾਈ ਕੀਤੀ ਜਾਵੇਗੀ, ਜਿਸ ਦੀ ਸ਼ੁਰੂਆਤ ਕਰਨ ਬਾਰੇ ਉਨ੍ਹਾਂ ਦੀ ਸਰਕਾਰ ਨੇ ਇਰਾਦਾ ਕੀਤਾ ਹੈ ਕਿਉਂਕਿ ਉਦਯੋਗਾਂ ਵੱਲੋਂ ਇਹ ਮਸਲਾ ਚੁੱਕਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਵੈਟ ਮੁਲਾਂਕਣਾਂ ਸਬੰਧੀ ਮੁੱਦਿਆਂ ਦਾ ਹੱਲ ਤੇਜ਼ੀ ਨਾਲ ਨਹੀਂ ਕੀਤਾ ਜਾ ਰਿਹਾ। ਇਸ ਪੱਖ ਵੱਲ ਧਿਆਨ ਦਿੰਦੇ ਹੋਏ ਕਿ ਸ਼ਹਿਰ ਵੀ ਆਰਥਿਕ ਗਤੀਵਿਧੀਆਂ ਦੇ ਕੇਂਦਰ ਹਨ ਅਤੇ ਵਪਾਰ ਦੇ ਉਦਯੋਗ ਪੱਖੋਂ ਅਹਿਮ ਹਨ, ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਉਦਯੋਗ ਅਤੇ ਕਰ ਮਹਿਕਮਿਆਂ ਨੂੰ ਇੱਕ ਅਜਿਹੀ ਹੋਰ ਹਾਂ-ਪੱਖੀ ਪ੍ਰਣਾਲੀ ਵਿਕਸਤ ਕਰਨ ਲਈ ਕਿਹਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਪਾਰੀਆਂ ਅਤੇ ਉਦਯੋਗ ਜਗਤ ਨਾਲ ਸਬੰਧਿਤ ਲੋਕਾਂ ਨੂੰ ਇੱਕ ਤੋਂ ਦੂਜੇ ਦਫ਼ਤਰ ਦੇ ਚੱਕਰ ਨਾ ਕੱਟਣੇ ਪੈਣ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਸਮੂਹ ਕਸਬਿਆਂ ਵਿਚ ਸਾਫ -ਸਫਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਸ਼ਹਿਰਾਂ ਨੂੰ ਘਰੇਲੂ ਠੋਸ ਰਹਿੰਦ-ਖੂੰਹਦ ਨੂੰ ਵੱਖਰਾ ਕਰਨ ਲਈ ਵੀ ਕਿਹਾ। ਉਨ੍ਹਾਂ ਇਸ ਮੌਕੇ ਭਾਰਤ ਸਰਕਾਰ ਵੱਲੋਂ ਕਰਵਾਏ ਜਾਂਦੇ ਸਾਫ-ਸਫਾਈ ਸਰਵੇਖਣਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਨਵਾਂਸ਼ਹਿਰ ਦੀ ਸ਼ਲਾਘਾ ਵੀ ਕੀਤੀ। ਇਹ ਯਕੀਨ ਜ਼ਾਹਿਰ ਕਰਦੇ ਹੋਏ ਕਿ ਯੂ. ਈ. ਆਈ. ਪੀ ਸਕੀਮਾਂ, ਜਿਨਾਂ ਵਿਚੋਂ 3000 ਕਰੋੜ ਰੁਪਏ ਤੱਕ ਦੇ ਕੰਮ ਪਹਿਲੇ ਪੜਾਅ ਵਿਚ ਪੂਰੇ ਕੀਤਾ ਜਾ ਚੁੱਕੇ ਹਨ, ਨਾਲ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਅਤੇ ਇੱਥੇ ਰਹਿਣ ਵਾਲੇ ਲੋਕਾਂ ਦੀਆਂ ਜ਼ਿੰਦਗੀਆਂ ਵਿਚ ਵੱਡੀ ਪੱਧਰ ’ਤੇ ਸੁਧਾਰ ਕਰਨ ਵਿਚ ਸੂਬਾ ਸਰਕਾਰ ਨੂੰ ਸਹਾਇਤਾ ਮਿਲੇਗੀ, ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਸ਼ਹਿਰੀ ਢਾਂਚੇ ਦਾ ਅਤਿ-ਆਧੁਨਿਕ ਵਿਕਾਸ ਅਤੇ ਇੱਥੋਂ ਦੀ ਆਬਾਦੀ ਨੂੰ ਅਸਰਦਾਰ ਢੰਗ ਨਾਲ ਸੇਵਾਵਾਂ ਮਿਲਣਾ ਯਕੀਨੀ ਬਣੇਗਾ।


author

Babita

Content Editor

Related News