ਝੁੱਗੀ-ਝੌਂਪੜੀ ''ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ, ਕੈਪਟਨ ਨੇ ਕੀਤਾ ਅਹਿਮ ਐਲਾਨ

05/12/2021 11:43:37 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਦਾ ਮਕਸਦ ਸਤੰਬਰ, 2021 ਤੱਕ ਝੁੱਗੀ-ਝੌਂਪੜੀ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਪੂਰਾ ਕਰਨਾ ਹੈ।

ਇਹ ਵੀ ਪੜ੍ਹੋ : ਹਾਈਕਮਾਨ ਤੱਕ ਪੁੱਜਾ 'ਪੰਜਾਬ ਕਾਂਗਰਸ' ’ਚ ਬਗਾਵਤ ਦਾ ਸੇਕ, ਖ਼ੁਦ ਸੋਨੀਆ ਗਾਂਧੀ ਸੰਭਾਲੇਗੀ ਕਮਾਨ

ਵਰਚੁਅਲ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾਈ ਅਤੇ ਕੇਂਦਰੀ ਸਕੀਮਾਂ ਦੇ ਤਹਿਤ ਸਾਰੇ ਵੱਡੇ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ। ਕੈਪਟਨ ਨੇ ਕਿਹਾ ਹੈ ਕਿ ਇਸ ਸਾਲ ਦਸੰਬਰ ਤੱਕ ਇਨ੍ਹਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਕੇ ਕਾਰਜਸ਼ੀਲ ਬਣਾਉਣ ਨੂੰ ਯਕੀਨੀ ਕੀਤਾ ਜਾਵੇ। ‘ਬਸੇਰਾ’ ਸਕੀਮ ਅਧੀਨ 196 ਝੁੱਗੀਆਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ 25,850 ਘਰਾਂ ਦਾ ਸਰਵੇ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅਗਲੇ ਚਾਰ ਮਹੀਨਿਆਂ ਵਿਚ 1000 ਘਰਾਂ ਨੂੰ ਮਾਲਕੀ ਹੱਕ ਦੇਣ ਦੇ ਕੰਮ ਨੂੰ ਫੌਰੀ ਮੁਕੰਮਲ ਕਰਨ ਲਈ ਆਖਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਰਿਵਾਰ 'ਚ ਇਕ ਤੋਂ ਜ਼ਿਆਦਾ ਮੈਂਬਰਾਂ ਨੂੰ 'ਕੋਰੋਨਾ' ਹੋਣ 'ਤੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ

ਉਨ੍ਹਾਂ ਵਿਭਾਗ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਵਾਨਿਤ ਕੀਤੇ ਸਾਰੇ 97598 ਘਰਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਆਖਿਆ। ਬੁੱਢਾ ਨਾਲਾ ਸਕੀਮ ਨੂੰ ਸੂਬੇ ਲਈ ਮੁੱਖ ਪ੍ਰਾਜੈਕਟ ਦੱਸਦਿਆਂ ਮੁੱਖ ਮੰਤਰੀ ਨੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਦਸੰਬਰ, 2021 ਤੱਕ ਇਸ ਵੱਖ-ਵੱਖ ਪੜਾਵਾਂ ਵਿਚ ਪੂਰਾ ਕਰਨ ਲਈ ਆਖਿਆ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਿਊਂਸੀਪਲ ਪ੍ਰਾਪਰਟੀਜ਼ ਐਕਟ ਦੇ ਪ੍ਰਬੰਧਨ ਅਤੇ ਤਬਦੀਲੀ ਦੇ ਅਮਲ ਲਈ ਵਿਭਾਗ ਨੂੰ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਰਾਜਸੀ ਮੰਗ ਰਹੀ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ।

ਹੁਡਕੋ, ਯੂ. ਈ. ਆਈ. ਪੀ. (ਵੱਖ-ਵੱਖ ਪੜਾਅ) ਅਤੇ ਫਾਇਰ ਸਰਵਿਸਿਜ਼ ਕੁੱਝ ਹੋਰ ਪ੍ਰਾਜੈਕਟ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਸੂਬੇ ਵਿਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਮਹੱਤਵਪੂਰਨ ਦੱਸਿਆ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਤੋਂ ਜਾਣੂੰ ਕਰਵਾਇਆ ਅਤੇ ਇਨ੍ਹਾਂ ਦੇ ਸਮੇਂ ਸਿਰ ਮੁਕੰਮਲ ਹੋਣ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

Babita

This news is Content Editor Babita