ਵੱਡੀ ਖ਼ਬਰ : ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ''ਕੈਪਟਨ'' ਨੇ ਕੀਤਾ ਇਹ ਐਲਾਨ

Wednesday, Jul 14, 2021 - 11:22 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ। ਇਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ। ਮੰਗਲਵਾਰ ਨੂੰ ਹੋਈ ਉਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।

 

ਇਹ ਵੀ ਪੜ੍ਹੋ : ਆਮਦਨ ਟੈਕਸ ਵਿਭਾਗ ਖ਼ਿਲਾਫ਼ ਹਾਈਕੋਰਟ ਪੁੱਜੇ 'ਨਵਜੋਤ ਸਿੱਧੂ', ਜਾਣੋ ਕੀ ਹੈ ਪੂਰਾ ਮਾਮਲਾ 

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫ਼ੈਸਲੇ ਨੂੰ ਜ਼ਮੀਨੀ ਪੱਧਰ 'ਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ, ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ। 

ਇਹ ਵੀ ਪੜ੍ਹੋ : ਮਾਸੂਮ ਬੱਚੀਆਂ ਵੱਲੋਂ ਜ਼ਹਿਰ ਨਿਗਲਣ ਦੇ ਮਾਮਲੇ 'ਚ ਜ਼ਬਰਦਸਤ ਮੋੜ, ਮਾਂ ਨੇ ਹੀ ਖੁਆਈਆਂ ਸੀ ਸਲਫ਼ਾਸ ਦੀਆਂ ਗੋਲੀਆਂ

ਪੰਜਾਬ ਕਾਂਗਰਸ ਵੱਲੋਂ ਸਾਲ-2017 ਵਿਚ ਕਰਜ਼ਾ ਮੁਆਫ਼ੀ ਦਾ ਚੋਣ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚ ਐਸ. ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ, ਜਦੋਂ ਕਿ ਬੀ. ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਿੱਤੀ ਗਈ। ਇਸ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News