ਨਵਜੋਤ ਸਿੱਧੂ ਖੇਮੇ ਦੇ ਵਿਧਾਇਕਾਂ ਨੇ ''ਕੈਪਟਨ'' ਨਾਲ ਕੀਤੀ ਮੁਲਾਕਾਤ
Wednesday, Sep 08, 2021 - 10:11 AM (IST)
ਚੰਡੀਗੜ੍ਹ (ਅਸ਼ਵਨੀ) : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਦਾ ਸਮਾਂ ਮੰਗਣ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਵਿਧਾਇਕ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਪੁੱਜਣ ਲੱਗੇ ਹਨ। ਇਸੇ ਕੜੀ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਨਾਲ ਵਿਧਾਇਕ ਲਖਬੀਰ ਸਿੰਘ ਲੱਖਾ, ਗੁਰਕੀਰਤ ਸਿੰਘ ਕੋਟਲੀ, ਅਵਤਾਰ ਹੈਨਰੀ ਜੂਨੀਅਰ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ। ਲੱਖਾ, ਕੋਟਲੀ ਅਤੇ ਹੈਨਰੀ ਜੂਨੀਅਰ ਉਨ੍ਹਾਂ ਵਿਧਾਇਕਾਂ ਵਿਚ ਸ਼ਾਮਲ ਰਹੇ ਹਨ, ਜੋ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਵੀ ਖੁੱਲ੍ਹ ਕੇ ਸਿੱਧੂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਰਹੇ ਹਨ।
ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਜਿਨ੍ਹਾਂ 55 ਵਿਧਾਇਕਾਂ ਨੇ ਮੁੱਖ ਮੰਤਰੀ ਦੇ ਨਾਮ ਸਿੱਧੂ ਦੀ ਤਾਜਪੋਸ਼ੀ ਦਾ ਸੱਦਾ ਦਿੰਦਿਆਂ ਸ਼ਕਤੀ ਪ੍ਰਦਰਸ਼ਨ ਕੀਤਾ ਸੀ, ਇਹ ਵਿਧਾਇਕ ਉਸੇ ਸੂਚੀ ਵਿਚ ਵੀ ਸ਼ਾਮਲ ਸਨ। ਹੋਰ ਤਾਂ ਹੋਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਵਿਚ ਵੀ ਇਨ੍ਹਾਂ ਵਿਧਾਇਕਾਂ ਨੇ ਜ਼ੋਰ-ਸ਼ੋਰ ਨਾਲ ਸਿੱਧੂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ। ਹੁਣ ਬਦਲੀ ਸਿਆਸੀ ਹਵਾ ਵਿਚਕਾਰ ਇਨ੍ਹਾਂ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਹਾਲਾਂਕਿ ਵਿਧਾਇਕ ਨਵਤੇਜ ਚੀਮਾ ਨੇ ਇਸ ਨੂੰ ਸਿਰਫ਼ ਇਕ ਰਸਮੀ ਮੁਲਾਕਾਤ ਦੱਸਿਆ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੁਲਾਕਾਤ ਦੌਰਾਨ ਫ਼ੌਜੀ ਇਤਿਹਾਸ ਦੇ ਸੁਨਹਿਰੀ ਪਹਿਲੂਆਂ ਦੀ ਜਾਣਕਾਰੀ ਨਾਲ ਵਿਧਾਇਕਾਂ ਨੂੰ ਜਾਣੂੰ ਕਰਵਾਇਆ। ਨਾਲ ਹੀ, ਵਿਧਾਨ ਸਭਾ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਮੇਤ ਕਿਸਾਨ ਕਰਜ਼ਾ ਰਾਹਤ ਯੋਜਨਾਵਾਂ ਦੀ ਪ੍ਰਗਤੀ ਬਾਰੇ ਚਰਚਾ ਕੀਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ
ਮੰਗਲਵਾਰ ਨੂੰ ਦਿਨ ਭਰ ਵਿਧਾਇਕਾਂ, ਮੰਤਰੀਆਂ ਨਾਲ ਮੁਲਾਕਾਤ ਵਿਚ ਰੁੱਝੇ ਰਹੇ ਮੁੱਖ ਮੰਤਰੀ
ਮੁੱਖ ਮੰਤਰੀ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿਨ ਭਰ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪਾਰਟੀ ਆਗੂਆਂ ਨਾਲ ਮੁਲਾਕਾਤ ਵਿਚ ਰੁੱਝੇ ਰਹੇ। ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਚੱਲੀਆਂ ਕਈ ਦੌਰ ਦੀਆਂ ਬੈਠਕਾਂ ਵਿਚ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਆਗੂਆਂ ਨੇ ਆਪਣੇ ਖੇਤਰ ਨਾਲ ਜੁੜੇ ਮਾਮਲਿਆਂ ਦੀ ਗੱਲ ਰੱਖੀ। ਮੁੱਖ ਮੰਤਰੀ ਨੇ ਆਗੂਆਂ ਤੋਂ ਵਿਕਾਸ ਕਾਰਜਾਂ ਦਾ ਬਿਓਰਾ ਲਿਆ। ਨਾਲ ਹੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਖੇਤਰ ਵਿਚ ਲੰਬਿਤ ਤਮਾਮ ਵਿਕਾਸ ਕਾਰਜਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇਗਾ। ਇਨ੍ਹਾਂ ਬੈਠਕਾਂ ਵਿਚ ਸੰਸਦ ਮੈਂਬਰ ਪਰਨੀਤ ਕੌਰ, ਗੁਰਜੀਤ ਸਿੰਘ ਔਜਲਾ, ਮੁਹੰਮਦ ਸਦੀਕ ਸਮੇਤ ਕਾਂਗਰਸ ਦੇ ਸੀਨੀਅਰ ਨੇਤਾ ਦਰਸ਼ਨ ਲਾਲ ਮਾਂਗੁਪੁਰ, ਹਰਚੰਦ ਕੌਰ, ਸਤਵੀਰ ਸਿੰਘ, ਸ਼ੰਕਰ ਜਿੰਦਲ, ਰਾਜਵਿੰਦਰ ਕੌਰ ਮੌਜੂਦ ਰਹੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਮੋਬਾਇਲ ਖੋਹ ਰਹੇ ਬਦਮਾਸ਼ਾਂ ਨੇ ਨਾਬਾਲਗ ਮੁੰਡੇ ਦੇ ਢਿੱਡ 'ਚ ਮਾਰਿਆ ਚਾਕੂ
ਹਾਈ ਪਾਵਰ ਫੂਡ ਕਮੇਟੀ ਦੀ ਬੈਠਕ ਵਿਚ ਸ਼ਾਮਲ ਹੋਏ ਤਿੰਨ ਮੰਤਰੀ
ਮੰਗਲਵਾਰ ਨੂੰ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਰਿਹਾਇਸ਼ ’ਤੇ ਤਿੰਨ ਮੰਤਰੀਆਂ ਸਮੇਤ ਕਈ ਸੀਨੀਅਰ ਆਗੂਆਂ ਦੇ ਨਾਲ ਹਾਈ ਪਾਵਰ ਫੂਡ ਕਮੇਟੀ ਦੀ ਬੈਠਕ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਨੇ ਅਗਲੇ ਝੋਨੇ ਦੇ ਸੀਜ਼ਨ ਵਿਚ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਸਲਾਹ-ਮਸ਼ਵਰਾ ਕੀਤਾ। ਨਾਲ ਹੀ ਅਧਿਕਾਰੀਆਂ ਤੋਂ ਬਿਓਰਾ ਹਾਸਲ ਕੀਤਾ। ਇਸ ਬੈਠਕ ਵਿਚ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਕਈ ਅਧਿਕਾਰੀ ਮੌਜੂਦ ਰਹੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ