ਪਰਾਲੀ ਮਾਮਲੇ 'ਤੇ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਕਿਸਾਨਾਂ ਦੇ ਮੁਆਵਜ਼ੇ ਦੀ ਅਪੀਲ
Thursday, Nov 09, 2017 - 04:46 PM (IST)
ਚੰਡੀਗੜ੍ਹ : ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਰਾਲੀ ਸਾੜਨ ਕਾਰਨ ਵਧਦੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖਦਿਆਂ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ ਤੋਂ ਪ੍ਰਭਾਵਿਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦਣ ਅਤੇ ਸਾਰੇ ਮੁੱਖ ਮੰਤਰੀਆਂ ਦੀ ਗੱਲਬਾਤ ਖੇਤੀਬਾੜੀ, ਖੁਰਾਕ ਤੇ ਵਾਤਾਵਰਣ ਦੇ ਕੇਂਦਰੀ ਮੰਤਰੀਆਂ ਨਾਲ ਕਰਵਾਈ ਜਾਵੇ ਤਾਂ ਜੋ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਕਿਸਾਨਾਂ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੇ ਉਚਿਤ ਪ੍ਰਬੰਧਾਂ ਸਬੰਧੀ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਵੀ ਕੈਪਟਨ ਨੂੰ ਮੁਲਾਕਾਤ ਕਰਨ ਲਈ ਚਿੱਠੀ ਲਿਖ ਚੁੱਕੇ ਹਨ ਪਰ ਕੈਪਟਨ ਦਾ ਇਸ ਸਬੰਧੀ ਕਹਿਣਾ ਸੀ ਕਿ ਇਸ ਸਮੱਸਿਆ ਦਾ ਹੱਲ ਕੇਂਦਰ ਵਲੋਂ ਹੀ ਕੀਤਾ ਜਾਵੇਗਾ। ਹੁਣ ਕੈਪਟਨ ਨੇ ਖੁਦ ਪ੍ਰਧਾਨ ਮੰਤਰੀ ਨੂੰ ਇਸ ਸਮੱਸਿਆ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ।
